Canada PM Justin Trudeau reiterates: ਦੇਸ਼ ਵਿੱਚ ਜਾਰੀ ਕਿਸਾਨ ਅੰਦੋਲਨ ਦਾ ਅਸਰ ਹੁਣ ਭਾਰਤ ਅਤੇ ਕੈਨੇਡਾ ਵਿਚਾਲੇ ਸਬੰਧਾਂ ‘ਤੇ ਪੈਣਾ ਸ਼ੁਰੂ ਹੋ ਗਿਆ ਹੈ । ਦਰਅਸਲ, ਖੇਤੀਬਾੜੀ ਕਾਨੂੰਨਾਂ ਖਿਲਾਫ ਦੇਸ਼ ਵਿੱਚ ਚੱਲ ਰਹੇ ਕਿਸਾਨ ਅੰਦੋਲਨ ‘ਤੇ ਭਾਰਤ ਦੇ ਸਖ਼ਤ ਇਤਰਾਜ਼ ਦੇ ਬਾਵਜੂਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਦੁਹਰਾਇਆ ਹੈ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ । ਉਨ੍ਹਾਂ ਨੇ ਭਾਰਤ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕੈਨੇਡਾ ਹਮੇਸ਼ਾ ਨਾਲ ਰਹੇਗਾ, ਫਿਰ ਚਾਹੇ ਉਹ ਕਿਸੇ ਵੀ ਦੇਸ਼ ਵਿੱਚ ਕਿਉਂ ਨਾ ਹੋਣ। ਇਸਦੇ ਨਾਲ ਹੀ ਉਨ੍ਹਾਂ ਨੇ ਸਥਿਤੀ ‘ਤੇ ਚਿੰਤਾ ਵੀ ਜ਼ਾਹਿਰ ਕੀਤੀ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਭਾਰਤ ਨੇ ਕੈਨੇਡੀਅਨ ਹਾਈ ਕਮਿਸ਼ਨਰ ਨਾਦਿਰ ਪਟੇਲ ਨੂੰ ਤਲਬ ਕਰ ਕਿਹਾ ਕਿ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੁਝ ਹੋਰ ਨੇਤਾਵਾਂ ਦੀ ਟਿੱਪਣੀ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਹੈ । ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡੀਅਨ ਡਿਪਲੋਮੈਟ ਨੂੰ ਇਹ ਵੀ ਕਿਹਾ ਗਿਆ ਕਿ ਜੇ ਅਜਿਹੀ ਸਰਗਰਮੀ ਜਾਰੀ ਰਹੀ ਤਾਂ ਇਹ ਦੁਵੱਲੇ ਸਬੰਧਾਂ ਨੂੰ ‘ਗੰਭੀਰ ਨੁਕਸਾਨ’ ਪਹੁੰਚਾਵੇਗੀ ।
ਇਸ ਤੋਂ ਅੱਗੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡੀਅਨ ਨੇਤਾਵਾਂ ਵੱਲੋਂ ਕਿਸਾਨਾਂ ਦੇ ਮੁੱਦੇ ‘ਤੇ ਕੀਤੀਆਂ ਟਿਪਣੀਆਂ ਕਾਰਨ ਦੇਸ਼ ਵਿੱਚ ਸੁਰੱਖਿਆ ਦਾ ਮੁੱਦਾ ਖੜ੍ਹਾ ਹੁੰਦਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, “ਅਸੀਂ ਕੈਨੇਡੀਅਨ ਸਰਕਾਰ ਤੋਂ ਭਾਰਤੀ ਡਿਪਲੋਮੈਟਾਂ ਦੀ ਪੂਰੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਉਮੀਦ ਕਰਦੇ ਹਾਂ।”
ਦੱਸ ਦੇਈਏ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ, ਹਰਿਆਣਾ ਅਤੇ ਹੋਰ ਕਈ ਸੂਬਿਆਂ ਦੇ ਹਜ਼ਾਰਾਂ ਕਿਸਾਨ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਮੁੱਦੇ ‘ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਗੱਲਬਾਤ ਚੱਲ ਰਹੀ ਹੈ ।
ਇਹ ਵੀ ਦੇਖੋ: 20ਵੀਂ ਵਾਰ ਦਿੱਲੀ ਜਿੱਤਣ ਲਈ ਮੋਰਾਂਵਾਲੀ ਨੇ ਸਟੇਜ ਤੋਂ ਕਰਤਾ ਵੱਡਾ ਐਲਾਨ, ਹੁਣ ਪਊ ਸਰਕਾਰਾਂ ਨੂੰ ਵਕਤ!