ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਬੀਤੇ ਦਿਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵਿਦੇਸ਼ਾਂ ਵਿੱਚ ਵਿਆਹ ਤੋਂ ਬਾਅਦ ਹੋ ਰਹੀ ਧੋਖਾਧੜੀ ਦੇ ਮਾਮਲਿਆਂ ਸਬੰਧੀ ਇੱਕ ਚਿੱਠੀ ਲਿਖੀ ਗਈ ਸੀ ।
ਇਸ ਚਿੱਠੀ ਵਿੱਚ ਮਨੀਸ਼ਾ ਗੁਲਾਟੀ ਵੱਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਇਸ ਤਰ੍ਹਾਂ ਦੀਆਂ ਧੋਖਾਧੜੀ ਦੀਆਂ ਘਟਨਾਵਾਂ ’ਤੇ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਗਈ ਸੀ। ਮਨੀਸ਼ਾ ਗੁਲਾਟੀ ਦੀ ਚਿੱਠੀ ਦਾ ਜਵਾਬ ਦਿੰਦਿਆਂ ਟਰੂਡੋ ਨੇ ਅਜਿਹੀਆਂ ਘਟਾਨਾਵਾਂ ਨੂੰ ਮੰਦਭਾਗਾ ਦੱਸਦਿਆਂ ਅਜਿਹੀਆਂ ਘਟਨਾਵਾਂ ‘ਤੇ ਸਖ਼ਤ ਕਾਰਵਾਈ ਕੀਤੇ ਜਾਣ ਬਾਰੇ ਕਿਹਾ।
ਦਰਅਸਲ, ਟਰੂਡੋ ਨੇ ਇਸ ਮਾਮਲੇ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਬਹੁਤ ਸਾਰੇ ਲੋਕ ਕੈਨੇਡਾ ਆ ਕੇ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣਾ ਚਾਹੁੰਦੇ ਹਨ, ਪਰ ਕੁਝ ਗਲਤ ਲੋਕਾਂ ਦੇ ਹੱਥ ਚੜ੍ਹ ਕੇ ਉਹ ਆਪਣੇ ਇਸ ਸੁਪਨੇ ਨੂੰ ਪੂਰਾ ਨਹੀਂ ਕਰ ਪਾਉਂਦੇ। ਜਿਸ ਕਾਰਨ ਅਜਿਹੇ ਲੋਕਾਂ ਖਿਲਾਫ਼ ਕੈਨੇਡਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਇੱਥੇ ਆਉਣ ਵਾਲੇ ਲੋਕਾਂ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਪਾਬੰਦੀ ਨਹੀਂ ਲਗਾਈ ਜਾਵੇਗੀ, ਪਰ ਧੋਖਾਧੜੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਇੱਥੇ ਆਉਣ ਵਾਲੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਨ ਕਿ ਉਹ ਕੈਨੇਡਾ ਦੀ ਇਮੀਗ੍ਰੇਸ਼ਨ ਵੈਬਸਾਈਟ ਤੋਂ ਸਹੀ ਜਾਣਕਾਰੀ ਲੈਣ ਅਤੇ ਇਸ ਤਰ੍ਹਾਂ ਦੇ ਧੋਖਾਧੜੀ ਦੇ ਮਾਮਲਿਆਂ ਤੋਂ ਬਚਣ।
ਦੱਸ ਦੇਈਏ ਕਿ ਜਸਟਿਨ ਟਰੂਡੋ ਵੱਲੋਂ ਧੋਖਾਧੜੀ ਦੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੇ ਭਰੋਸੇ ਤੋਂ ਬਾਅਦ ਮਨੀਸ਼ਾ ਗੁਲਾਟੀ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ । ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਮੇਰਾ ਪੱਖ ਸੁਣਿਆ ਅਤੇ ਸਮਝਿਆ।