ਅਫਗਾਨਿਸਤਾਨ ਵਿੱਚ ਹਾਲ ਹੀ ਵਿੱਚ ਆਏ ਭਿਆਨਕ ਭੂਚਾਲ ਨੇ ਹਜ਼ਾਰਾਂ ਪਰਿਵਾਰਾਂ ਦੀ ਜ਼ਿੰਦਗੀ ਤਬਾਹ ਕਰ ਦਿੱਤੀ ਹੈ। ਇਸ 6.0 ਤੀਬਰਤਾ ਵਾਲੇ ਭੂਚਾਲ ਨੇ ਪਹਾੜੀ ਇਲਾਕਿਆਂ ਵਿੱਚ ਘਰ ਮਲਬੇ ਵਿੱਚ ਬਦਲ ਦਿੱਤੇ, ਜਿਸ ਨਾਲ 1,400 ਤੋਂ ਵੱਧ ਲੋਕ ਮਾਰੇ ਗਏ। ਇਸ ਦੇ ਨਾਲ ਹੀ ਇਸ ਭਿਆਨਕ ਘਟਨਾ ਵਿੱਚ ਤਿੰਨ ਹਜ਼ਾਰ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀਆਂ ਰਿਪੋਰਟਾਂ ਹਨ। ਭੂਚਾਲ ਤੋਂ ਬਾਅਦ ਇਲਾਕੇ ਦੇ ਲੋਕ ਆਪਣੇ ਹੱਥਾਂ ਨਾਲ ਮਲਬਾ ਹਟਾ ਕੇ ਆਪਣੇ ਅਜ਼ੀਜ਼ਾਂ ਦੀ ਭਾਲ ਕਰ ਰਹੇ ਹਨ। ਸੜਕਾਂ ਢਹਿ ਜਾਣ ਕਾਰਨ ਮਦਦ ਪਹੁੰਚਣਾ ਮੁਸ਼ਕਲ ਹੋ ਗਿਆ ਹੈ।

ਤਾਲਿਬਾਨ ਪ੍ਰਸ਼ਾਸਨ ਮੁਤਾਬਕ ਅਫਗਾਨਿਸਤਾਨ ਦੇ ਪੂਰਬੀ ਹਿੱਸੇ ਵਿੱਚ ਆਏ ਇੱਕ ਵੱਡੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਐਤਵਾਰ ਦੇਰ ਰਾਤ 6.0 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਵਿੱਚ ਹੁਣ ਤੱਕ 1,400 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ 3,000 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪਾਕਿਸਤਾਨ ਸਰਹੱਦ ਦੇ ਨੇੜੇ ਪਹਾੜੀ ਇਲਾਕਿਆਂ ਵਿੱਚ ਬਹੁਤ ਸਾਰੇ ਘਰ ਅਤੇ ਇਮਾਰਤਾਂ ਢਹਿ ਗਈਆਂ, ਜਿਸ ਨਾਲ ਇਹ ਹਾਦਸਾ ਹਾਲ ਹੀ ਦੇ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਭੂਚਾਲ ਬਣ ਗਿਆ। ਇਸ ਦੌਰਾਨ ਅੱਜ ਮੰਗਲਵਾਰ ਸ਼ਾਮ 2 ਸਤੰਬਰ ਨੂੰ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਹੋਏ।
ਅਫ਼ਗਾਨਿਸਤਾਨ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਦੇ ਬੁਲਾਰੇ ਯੂਸਫ਼ ਹਮਦ ਨੇ ਏਪੀ ਨੂੰ ਦੱਸਿਆ, “ਜ਼ਖਮੀਆਂ ਨੂੰ ਸੁਰੱਖਿਅਤ ਥਾਂ ‘ਤੇ ਲਿਜਾਇਆ ਜਾ ਰਿਹਾ ਹੈ, ਇਸ ਲਈ ਅੰਕੜੇ ਵੱਧ ਸਕਦੇ ਹਨ।” ਅਧਿਕਾਰੀਆਂ ਨੇ ਕਿਹਾ ਕਿ ਪਹਿਲੇ ਭੂਚਾਲ ਕਾਰਨ ਹੋਏ ਜ਼ਮੀਨ ਖਿਸਕਣ ਨੇ ਮੁੱਖ ਸੜਕਾਂ ਨੂੰ ਰੋਕ ਦਿੱਤਾ ਹੈ, ਜਿਸ ਕਾਰਨ ਰਾਹਤ ਅਤੇ ਐਮਰਜੈਂਸੀ ਟੀਮਾਂ ਸਮੇਂ ਸਿਰ ਪ੍ਰਭਾਵਿਤ ਖੇਤਰਾਂ ਤੱਕ ਨਹੀਂ ਪਹੁੰਚ ਸਕੀਆਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫ਼ਗਾਨਿਸਤਾਨ ਵਿੱਚ ਆਏ ਵਿਨਾਸ਼ਕਾਰੀ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਦੁਖੀ ਪਰਿਵਾਰਾਂ ਨਾਲ ਆਪਣੀ ਹਮਦਰਦੀ ਸਾਂਝੀ ਕੀਤੀ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀ ਅਫਗਾਨਿਸਤਾਨ ਵਿੱਚ ਆਈ ਆਫ਼ਤ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਉੱਥੋਂ ਦੇ ਲੋਕਾਂ ਨਾਲ ਭਾਰਤ ਦੀ ਏਕਤਾ ਦਿਖਾਈ ਅਤੇ ਮਦਦ ਦਾ ਭਰੋਸਾ ਦਿੱਤਾ। ਜੈਸ਼ੰਕਰ ਨੇ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ ਮੁਤਕੀ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਐਤਵਾਰ ਰਾਤ ਨੂੰ ਆਏ ਭੂਚਾਲ ਕਾਰਨ ਹੋਏ ਨੁਕਸਾਨ ‘ਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਰਤ ਦੇ ਪੂਰੇ ਸਮਰਥਨ ਨੂੰ ਦੁਹਰਾਇਆ।
ਭਾਰਤ ਨੇ ਕਾਬੁਲ ਵਿੱਚ 1,000 ਪਰਿਵਾਰਾਂ ਲਈ ਟੈਂਟ ਮੁਹੱਈਆ ਕਰਵਾਏ ਹਨ ਅਤੇ ਭਾਰਤੀ ਮਿਸ਼ਨ ਨੇ ਕਾਬੁਲ ਤੋਂ ਕੁਨਾਰ ਲਈ 15 ਟਨ ਭੋਜਨ ਸਮੱਗਰੀ ਭੇਜੀ ਹੈ। ਅਫਗਾਨ ਵਿਦੇਸ਼ ਮੰਤਰਾਲੇ ਨੇ ਵੀ ਜੈਸ਼ੰਕਰ ਅਤੇ ਮੁਤਕੀ ਵਿਚਕਾਰ ਹੋਈ ਗੱਲਬਾਤ ਦੀ ਪੁਸ਼ਟੀ ਕੀਤੀ ਅਤੇ ਮੁਤਕੀ ਨੇ ਅਫਗਾਨ ਨਾਗਰਿਕਾਂ ਨੂੰ ਮਦਦ ਪ੍ਰਦਾਨ ਕਰਨ ਲਈ ਭਾਰਤ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : 36 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਸਤਲੁਜ ਦਰਿਆ ‘ਚ ਵੀ ਵੱਧ ਗਿਆ ਪਾਣੀ ਦਾ ਪੱਧਰ
ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਵੋਲਕਰ ਤੁਰਕ ਨੇ ਪੂਰਬੀ ਅਫਗਾਨਿਸਤਾਨ ਵਿੱਚ ਆਏ ਵਿਨਾਸ਼ਕਾਰੀ ਭੂਚਾਲ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਟਵਿੱਟਰ ‘ਤੇ ਲਿਖਿਆ, ‘ਇਸ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਅਫਗਾਨਿਸਤਾਨ ਦੇ ਲੋਕਾਂ ਨਾਲ ਮੇਰੀ ਹਮਦਰਦੀ ਅਤੇ ਏਕਤਾ। ਇਹ ਦੇਸ਼ ਪਹਿਲਾਂ ਹੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਿਹਾ ਹੈ।’ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਸੰਯੁਕਤ ਰਾਸ਼ਟਰ ਦੀਆਂ ਟੀਮਾਂ ਨੂੰ ਤੁਰੰਤ ਸਰਗਰਮ ਕਰ ਦਿੱਤਾ ਗਿਆ ਹੈ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਲੋੜਵੰਦ ਲੋਕਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:























