ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਰਤਾਰਪੁਰ ਸਾਹਿਬ ਆਉਣ ਵਾਲੇ ਯਾਤਰੀਆਂ ਦੀ ਗਿਣਤੀ ਵਧਾਉਣ ਅਤੇ ਕੋਰੋਨਾ ਟੈਸਟ ਤੋਂ ਯਾਤਰੀਆਂ ਨੂੰ ਮੁਕਤ ਕਰਨ ਦੀ ਬੇਨਤੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਾਕਿਸਤਾਨ ਦੇ ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐਨ.ਸੀ.ਓ.ਸੀ.) ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਪੱਸ਼ਟ ਕੀਤਾ ਹੈ ਕਿ ਸ਼ਰਤਾਂ ਅਤੇ ਸਮਝੌਤੇ ਲਾਗੂ ਰਹਿਣਗੇ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਕਰਤਾਰਪੁਰ ਸਾਹਿਬ ਗੁਰੂਘਰ ਦੀ ਸੇਵਾ ਸੰਭਾਲ ਵੀ ਦੇਖਦੀ ਹੈ। ਕਮੇਟੀ ਨੇ ਹਾਲ ਹੀ ਵਿੱਚ ਮੀਟਿੰਗ ਕਰਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤੀ ਸਿੱਖ ਸ਼ਰਧਾਲੂਆਂ ਦੀ ਗਿਣਤੀ 300 ਤੋਂ ਵਧਾ ਕੇ 1000 ਕਰਨ ਦਾ ਮਤਾ ਪਾਸ ਕੀਤਾ ਸੀ। ਮਤੇ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹ ਵੀ ਵੀ ਪਾਸ ਕੀਤਾ ਸੀ ਕਿ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਰਟੀਪੀਸੀਆਰ ਦੀ 72 ਘੰਟੇ ਪੁਰਾਣੀ ਰਿਪੋਰਟ ਅਤੇ ਹੋਰ ਕੋਰੋਨਾ ਟੈਸਟਾਂ ਤੋਂ ਛੋਟ ਦਿੱਤੀ ਜਾਵੇ।
ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਤਾ ਪਾਸ ਕਰਕੇ ਇਹ ਮਾਮਲੇ ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐਨ.ਸੀ.ਓ.ਸੀ.) ਨੂੰ ਭੇਜ ਦਿੱਤੇ। ਪਰ ਵਿਭਾਗ ਦੇ ਡਾਇਰੈਕਟਰ (ਅਪਰੇਸ਼ਨ) ਅਤੀਕ ਅਹਿਮਦ ਖਾਨ ਅੰਜੁਮ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਇਹ ਸੰਭਵ ਨਹੀਂ ਹੈ ਅਤੇ ਨਾ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਪਣੀ ਚਿੱਠੀ ‘ਚ ਸਪੱਸ਼ਟ ਲਿਖਿਆ ਹੈ ਕਿ ਭਾਰਤ ਉਨ੍ਹਾਂ ਦੇਸ਼ਾਂ ਦੀ ਸੂਚੀ ‘ਚ ਆਉਂਦਾ ਹੈ, ਜਿੱਥੇ ਕੋਰੋਨਾ ਅਜੇ ਖਤਮ ਨਹੀਂ ਹੋਇਆ ਅਤੇ ਮਹਾਮਾਰੀ ਦਾ ਪ੍ਰਕੋਪ ਜਾਰੀ ਹੈ। ਇਸ ਲਈ ਭਾਰਤ ਤੋਂ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕੋਰੋਨਾ ਟੈਸਟ ਜਾਂ ਟੀਕਾਕਰਨ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ।
ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਆਪਣੇ ਨਾਲ 72 ਘੰਟੇ ਪੁਰਾਣੀ ਆਰਟੀਪੀਸੀਆਰ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ ਜਾਂ ਆਉਣ ਵਾਲੇ ਸ਼ਰਧਾਲੂਆਂ ਕੋਲ ਟੀਕਾਕਰਨ ਦਾ ਪ੍ਰਮਾਣ ਪੱਤਰ ਹੋਣਾ ਚਾਹੀਦਾ ਹੈ। ਪਾਕਿਸਤਾਨ ਵਿਚ ਦਾਖਲ ਹੋਣ ਤੋਂ ਬਾਅਦ, ਜੇਕਰ ਕਿਸੇ ਨੂੰ ਖੰਘ, ਜ਼ੁਕਾਮ ਜਾਂ ਬੁਖਾਰ ਪਾਇਆ ਜਾਂਦਾ ਹੈ, ਤਾਂ ਉਸ ਦਾ ਰੈਪਿਡ ਐਂਟੀਜੇਨ ਟੈਸਟ (ਆਰਏਟੀ) ਕੋਰੀਡੋਰ ਦੇ ਬਾਹਰ ਲਗਾਏ ਗਏ ਕੈਂਪ ਵਿਚ ਕੀਤਾ ਜਾਵੇਗਾ। ਜੇਕਰ ਉਸ ਦੀ ਰਿਪੋਰਟ ਪਾਜ਼ੇਟਿਵ ਆਉਂਦੀ ਹੈ, ਤਾਂ ਯਾਤਰੀ ਨੂੰ ਉਥੋਂ ਵਾਪਸ ਭਾਰਤ ਲਿਆਂਦਾ ਜਾਵੇਗਾ। ਯਾਤਰੀਆਂ ਦੀ ਗਿਣਤੀ 300 ਤੋਂ ਵਧਾ ਕੇ ਇੱਕ ਹਜ਼ਾਰ ਕਰਨ ਦੀ ਤਜਵੀਜ਼ ‘ਤੇ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਭਾਰਤ ਸਰਕਾਰ ਨਾਲ ਹੋਏ ਸਮਝੌਤੇ ਅਨੁਸਾਰ ਇਸ ਨੂੰ ਨਹੀਂ ਵਧਾਇਆ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: