Pak PM Imran Khan wishes: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ । ਮਨਮੋਹਨ ਸਿੰਘ ਫਿਲਹਾਲ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਵਿੱਚ ਦਾਖਲ ਹਨ । ਮਨਮੋਹਨ ਸਿੰਘ (88) ਨੂੰ ਸੋਮਵਾਰ ਨੂੰ ਹਲਕੇ ਬੁਖਾਰ ਨਾਲ ਦਿੱਲੀ ਦੇ ਏਮਜ਼ ਟਰਾਮਾ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਵਰਤੋਂ ਕੋਵਿਡ-19 ਕੇਂਦਰ ਵਜੋਂ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਕੋਰੋਨਾ ਵਾਇਰਸ ਦੇ ਸੰਕ੍ਰਮਣ ਤੋਂ ਮੁਕਤ ਹੋਏ ਇਮਰਾਨ ਖਾਨ ਨੇ ਟਵੀਟ ਕਰਦਿਆਂ ਲਿਖਿਆ, “ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦੀ ਕੋਵਿਡ-19 ਤੋਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਨੂੰ ਸੋਮਵਾਰ ਸ਼ਾਮ ਨੂੰ ਬੁਖਾਰ ਕਾਰਨ AIIMS ਵਿੱਚ ਦਾਖਲ ਕਰਵਾਇਆ ਗਿਆ ਸੀ । ਉਨ੍ਹਾਂ ਨੂੰ ਕੋਰੋਨਾ ਟੀਕੇ ‘ਕੋਵੈਕਸੀਨ’ ਦੀਆਂ ਦੋ ਖੁਰਾਕਾਂ ਦਿੱਤੀਆਂ ਗਈਆਂ ਹਨ। ਡਾ ਮਨਮੋਹਨ ਸਿੰਘ 88 ਸਾਲ ਦੇ ਹਨ । ਡਾ. ਸਿੰਘ ਦੀਆਂ ਦੋ ਬਾਈਪਾਸ ਸਰਜਰੀਆਂ ਵੀ ਹੋ ਚੁੱਕੀਆਂ ਹਨ । ਅਜਿਹੀ ਸਥਿਤੀ ਵਿੱਚ ਸਾਵਧਾਨੀ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।
ਜ਼ਿਕਰਯੋਗ ਹੈ ਕਿ ਭਾਰਤ ਵਿੱਚ ਕੋਰੋਨਾ ਦਾ ਕਹਿਰ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਕਾਰਨ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ 2.95 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਦੌਰਾਨ ਇੱਕ ਦਿਨ ਵਿੱਚ ਰਿਕਾਰਡ 2023 ਲੋਕਾਂ ਦੀ ਮੌਤ ਹੋ ਗਈ ਹੈ।