ਪਾਕਿਸਤਾਨ ਵਿੱਚ ਸਿਆਸੀ ਅਤੇ ਆਰਥਿਕ ਸੰਕਟ ਵਿਚਾਲੇ ਪੈਟਰੋਲੀਅਮ ਉਤਪਾਦਾਂ ਵਿੱਚ 30 ਰੁਪਏ ਦਾ ਵਾਧਾ ਕੀਤਾ ਗਿਆ ਹੈ । ਪਾਕਿਸਤਾਨ ਵਿੱਚ ਹੁਣ ਜਨਤਾ ਨੂੰ ਪੈਟਰੋਲ ਲਈ 179.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਲਈ 174.15 ਰੁਪਏ ਪ੍ਰਤੀ ਲੀਟਰ ਚੁਕਾਉਣੇ ਪੈਣਗੇ । ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਅਸੰਵੇਦਨਸ਼ੀਲ ਦੱਸਿਆ ਹੈ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ‘ਤੇ ਸ਼ਾਹਬਾਜ਼ ਸ਼ਰੀਫ ਸਰਕਾਰ ਦੀ ਆਲੋਚਨਾ ਕੀਤੀ ਹੈ। ਸਰਕਾਰ ਦੀ ਆਲੋਚਨਾ ਕਰਦੇ ਹੋਏ ਇਮਰਾਨ ਨੇ ਕਿਹਾ ਕਿ ਇਸ ‘ਅਸੰਵੇਦਨਸ਼ੀਲ ਸਰਕਾਰ’ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਪਾਰਟੀ ਵੱਲੋਂ ਰੂਸ ਨਾਲ 30 ਫੀਸਦੀ ਸਸਤੇ ਤੇਲ ਲਈ ਕੀਤੇ ਸੌਦੇ ਨੂੰ ਅੱਗੇ ਨਹੀਂ ਵਧਾਇਆ।
ਇਸ ਦੇ ਨਾਲ ਹੀ ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਦੇ ਰਣਨੀਤਕ ਸਹਿਯੋਗੀ ਰੂਸ ਤੋਂ ਸਸਤਾ ਤੇਲ ਖਰੀਦ ਕੇ ਫਿਊਲ ਦੀਆਂ ਕੀਮਤਾਂ 25 ਰੁਪਏ ਪ੍ਰਤੀ ਲੀਟਰ ਘੱਟ ਕਰਨ ਵਿੱਚ ਕਾਮਯਾਬ ਹੋਇਆ ਹੈ । ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਇਹ ਇੱਕ ਵਾਰ ਵਿੱਚ ਸਭ ਤੋਂ ਵੱਡਾ ਵਾਧਾ ਹੈ । ਅਸਮਰੱਥ ਅਤੇ ਅਸੰਵੇਦਨਸ਼ੀਲ ਸਰਕਾਰ ਨੇ ਰੂਸ ਨਾਲ ਸਾਡੇ ਸੌਦੇ ਨੂੰ ਅੱਗੇ ਨਹੀਂ ਵਧਾਇਆ ।
ਦੱਸ ਦਈਏ ਕਿ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਇਸਲਾਮਾਬਾਦ ਵਿੱਚ ਇਕ ਪ੍ਰੈੱਸ ਕਾਨਫਰੰਸ ‘ਚ ਕੀਮਤਾਂ ਨੂੰ ਲੈ ਕੇ ਇਹ ਐਲਾਨ ਕੀਤਾ, ਜਿੱਥੇ ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੀਮਤਾਂ ਵਧਾਉਣ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਸਾਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਵੇਗਾ ਪਰ ਦੇਸ਼ ਦਾ ਹਿੱਤ ਸਾਡੇ ਲਈ ਮਹੱਤਵਪੂਰਨ ਹੈ ਅਤੇ ਇਸ ਨੂੰ ਬਚਾਉਣਾ ਸਾਡੇ ਲਈ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: