ਪਾਕਿਸਤਾਨ ਵਿੱਚ ਮਹਿੰਗਾਈ ਵਿੱਚ 12.66 ਫ਼ੀਸਦੀ ਦਾ ਵਾਧਾ ਹੋਇਆ ਹੈ। ਇਸਦਾ ਸਿੱਧਾ ਅਸਰ ਆਮ ਲੋਕਾਂ ਦੇ ਖਾਣ-ਪੀਣ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਪੈ ਰਿਹਾ ਹੈ। ਸ਼ਨੀਵਾਰ ਯਾਨੀ ਕਿ ਅੱਜ ਪਾਕਿਸਤਾਨ ਸਰਕਾਰ ਨੇ ਪੈਟਰੋਲ-ਡੀਜ਼ਲ ਵਿੱਚ 10 ਰੁਪਏ ਤੋਂ ਵੱਧ ਦਾ ਵਾਧਾ ਕੀਤਾ ਹੈ। ਜਿਸ ਤੋਂ ਬਾਅਦ ਆਮ ਜਨਤਾ ਦਾ ਤੇਲ ਨਿਕਲਣਾ ਸ਼ੁਰੂ ਹੋ ਗਿਆ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਤੋਂ ਬਾਅਦ ਪਾਕਿਸਤਾਨ ਵਿੱਚ ਪੈਟਰੋਲ 137.70 ਰੁਪਏ ਤੇ ਡੀਜ਼ਲ ਦੀ ਕੀਮਤ 122.04 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਹੀ ਪਾਕਿਸਤਾਨ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਹੱਤਿਆ ਸਰਕਾਰ ਦੀ ਸਾਜ਼ਿਸ਼, ਪ੍ਰਸ਼ਾਸਨ ਨੂੰ ਦਿੱਤੇ ਕਰੋੜਾਂ ਰੁਪਏ’
ਨਿਊਜ਼ ਰਿਪੋਰਟਾਂ ਅਨੁਸਾਰ ਪਿਛਲੇ ਹਫ਼ਤੇ ਮਹਿੰਗਾਈ ਦੀ ਦਰ ਵਧਣ ਨਾਲ ਟਮਾਟਰ, ਆਲੂ, ਘਿਓ ਅਤੇ LPG ਸਣੇ 22 ਵਸਤੂਆਂ ਮਹਿੰਗੀਆਂ ਹੋ ਗਈਆਂ ਹਨ। ਦੱਸ ਦੇਈਏ ਕਿ ਪਾਕਿਸਤਾਨ ਵਿੱਚ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਮਰਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
ਵਿਰੋਧੀ ਪਾਰਟੀਆਂ ਵੱਲੋਂ ਪੈਟਰੋਲ-ਡੀਜ਼ਲ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਇੰਨੀਆਂ ਵੱਧ ਗਈਆਂ ਹਨ ਕਿ ਹੁਣ ਇਹ ਗਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਿਆ ਹੈ।