ਰੂਸ ਯੂਨੀਵਰਸਿਟੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਰੂਸ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਨੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਇਸ ਘਟਨਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਲੋਕ ਜ਼ਖਮੀ ਵੀ ਹੋ ਗਏ।
ਜਾਂਚਕਰਤਾਵਾਂ ਦੇ ਅਨੁਸਾਰ, ਰੂਸ ਦੇ ਪੇਰਮ ਸਿਟੀ ਵਿੱਚ ਇੱਕ ਵਿਦਿਆਰਥੀ ਨੇ ਲੋਕਾਂ ਉੱਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਯੂਨੀਵਰਸਿਟੀ ਦੀ ਘਟਨਾ ਦੱਸੀ ਜਾ ਰਹੀ ਹੈ, ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਲੋਕ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲਾਂ ਮਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਅਣਪਛਾਤਾ ਵਿਅਕਤੀ ਪੀਐਸਯੂ ਦੀ ਇਮਾਰਤ ਵਿੱਚ ਦਾਖਲ ਹੋਇਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਥਿਆਰਾਂ ਨਾਲ ਲੈਸ ਵਿਅਕਤੀ ਕਰੀਬ 11 ਵਜੇ ਯੂਨੀਵਰਸਿਟੀ ਕੈਂਪਸ ਪਹੁੰਚਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਘਟਨਾ ਤੋਂ ਕੁੱਝ ਦੇਰ ਬਾਅਦ ਉਹ ਭੱਜ ਗਿਆ।
ਰੂਸ ਦੀ ਇੱਕ ਨਿਊਜ਼ ਏਜੰਸੀ ਦੇ ਅਨੁਸਾਰ, ਸੂਤਰਾਂ ਨੇ ਦੱਸਿਆ ਕਿ ਘਟਨਾ ਦੇ ਦੌਰਾਨ ਕੁੱਝ ਵਿਦਿਆਰਥੀਆਂ ਨੇ ਆਪਣੇ ਆਪ ਨੂੰ ਯੂਨੀਵਰਸਿਟੀ ਦੇ ਆਡੀਟੋਰੀਅਮ ਵਿੱਚ ਬੰਦ ਕਰ ਲਿਆ ਸੀ ਤਾਂ ਜੋ ਉਹ ਹਮਲਾਵਰ ਤੋਂ ਬਚ ਸਕਣ। ਇਸ ਦੇ ਨਾਲ ਹੀ ਕੁੱਝ ਵਿਦਿਆਰਥੀ ਖਿੜਕੀ ਤੋਂ ਛਾਲ ਮਾਰ ਕੇ ਭੱਜਦੇ ਵੀ ਵੇਖੇ ਗਏ। ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵੱਡੇ ਅਪਰਾਧਾਂ ਦੀ ਜਾਂਚ ਕਰ ਰਹੀ ਰੂਸ ਦੀ ਜਾਂਚ ਕਮੇਟੀ ਦੇ ਅਨੁਸਾਰ, ਹਮਲਾਵਰ ਦੀ ਪਛਾਣ 18 ਸਾਲਾ ਯੂਨੀਵਰਸਿਟੀ ਦੇ ਵਿਦਿਆਰਥੀ ਵਜੋਂ ਹੋਈ ਹੈ।