Sri Lanka bans travellers: ਸ੍ਰੀਲੰਕਾ ਨੇ ਵੀਰਵਾਰ ਨੂੰ ਕੋਵਿਡ-19 ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧੇ ਕਾਰਨ ਭਾਰਤ ਤੋਂ ਯਾਤਰੀਆਂ ਦੇ ਆਉਣ ‘ਤੇ ਤੁਰੰਤ ਰੋਕ ਲਗਾਉਣ ਦਾ ਐਲਾਨ ਕੀਤਾ । ਬ੍ਰਿਟੇਨ, ਸੰਯੁਕਤ ਅਰਬ ਅਮੀਰਾਤ, ਆਸਟ੍ਰੇਲੀਆ, ਸਿੰਗਾਪੁਰ, ਦੱਖਣੀ ਅਫਰੀਕਾ ਸਣੇ ਕਈ ਦੇਸ਼ਾਂ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਸਿਵਲ ਹਵਾਬਾਜ਼ੀ ਅਥਾਰਟੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਤੋਂ ਯਾਤਰੀਆਂ ਨੂੰ ਸ੍ਰੀਲੰਕਾ ਨਹੀਂ ਆਉਣ ਦਿੱਤਾ ਜਾਵੇਗਾ । ਇਹ ਕਦਮ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਕਾਰਨ ਚੁੱਕਿਆ ਗਿਆ ਹੈ । ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ ਨੇ ਇਸ ਸਬੰਧ ਵਿੱਚ ਰਾਸ਼ਟਰੀ ਏਅਰਪੋਰਟ ਸ੍ਰੀਲੰਕਾ ਏਅਰਲਾਇੰਸ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਨੂੰ ਇੱਕ ਪੱਤਰ ਲਿਖਿਆ ਹੈ।

ਦਰਅਸਲ, ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ, “ਕੋਵਿਡ-19 ਮਹਾਂਮਾਰੀ ਦੀ ਸਥਿਤੀ ਨੂੰ ਲੈ ਕੇ ਸ੍ਰੀਲੰਕਾ ਦੇ ਸਿਹਤ ਅਧਿਕਾਰੀਆਂ ਵੱਲੋਂ ਮਿਲੀਆਂ ਹਦਾਇਤਾਂ ਦੇ ਅਨੁਸਾਰ ਇਹ ਨਿਰਦੇਸ਼ ਦਿੱਤਾ ਗਿਆ ਹੈ ਕਿ ਤੁਰੰਤ ਪ੍ਰਭਾਵ ਨਾਲ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਸ੍ਰੀਲੰਕਾ ਨਹੀਂ ਆਉਣ ਦਿੱਤਾ ਜਾਵੇਗਾ।”

ਦੱਸ ਦੇਈਏ ਕਿ ਇਸ ਬਾਰੇ ਸੈਰ ਸਪਾਟਾ ਮੰਤਰੀ ਪ੍ਰਸੰਨਾ ਰਾਣਾਤੁੰਗਾ ਨੇ ਕਿਹਾ ਕਿ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ ਨੇ ਸ੍ਰੀਲੰਕਾ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਦੇਸ਼ ਵਾਪਸ ਜਾਣ ਦੀ ਆਗਿਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸ੍ਰੀਲੰਕਾ ਵਿੱਚ ਵੀ ਲਾਗ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਿਛਲੇ ਪੰਜ ਦਿਨਾਂ ਤੋਂ ਹਰ ਦਿਨ 2,000 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਜਦੋਂਕਿ ਅਪ੍ਰੈਲ ਦੇ ਅੱਧ ਤੱਕ ਰੋਜ਼ ਔਸਤਨ 200 ਮਾਮਲੇ ਸਾਹਮਣੇ ਆ ਰਹੇ ਸਨ।