ਅਫਗਾਨਿਸਤਾਨ ਵਿੱਚ 20 ਸਾਲਾਂ ਤੋਂ ਬਾਅਦ ਇੱਕ ਵਾਰ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ। ਤਾਲਿਬਾਨ ਨੇ 15 ਅਗਸਤ ਨੂੰ ਕਾਬੁਲ ਉੱਤੇ ਕਬਜ਼ਾ ਕਰ ਲਿਆ ਸੀ। ਜਿਸ ਤੋਂ ਬਾਅਦ ਰਾਸ਼ਟਰਪਤੀ ਅਸ਼ਰਫ ਗਨੀ ਨੇ ਵੀ ਦੇਸ਼ ਛੱਡ ਦਿੱਤਾ ਸੀ।
ਹੁਣ ਆਮ ਲੋਕ ਕਿਸੇ ਵੀ ਕੀਮਤ ਤੇ ਅਫਗਾਨਿਸਤਾਨ ਨੂੰ ਛੱਡਣ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਤੱਕ ਹਜ਼ਾਰਾਂ ਲੋਕ ਦੇਸ਼ ਛੱਡ ਵੀ ਚੁੱਕੇ ਹਨ, ਪਰ ਹੁਣ ਤਾਲਿਬਾਨ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਕਿਸੇ ਵੀ ਅਫਗਾਨ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦੇਵੇਗਾ। ਤਾਲਿਬਾਨ ਦੇ ਬੁਲਾਰੇ ਜ਼ਬੀਉੱਲਾ ਮੁਜਾਹਿਦ ਨੇ ਮੰਗਲਵਾਰ ਨੂੰ ਮੀਡੀਆ ਨੂੰ ਦੱਸਿਆ ਕਿ ਹੁਣ ਕਿਸੇ ਵੀ ਅਫਗਾਨ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਵਿਦੇਸ਼ੀ ਨਾਗਰਿਕ ਆਪਣੇ ਦੇਸ਼ ਵਾਪਿਸ ਜਾ ਸਕਦੇ ਹਨ। ਮੁਜਾਹਿਦ ਨੇ ਅਮਰੀਕੀ ਨਿਊਜ਼ ਚੈਨਲ ਨੂੰ ਦੱਸਿਆ, “ਏਅਰਪੋਰਟ ਨੂੰ ਜਾਣ ਵਾਲੀ ਸੜਕ ਨੂੰ ਰੋਕ ਦਿੱਤਾ ਗਿਆ ਹੈ। ਅਫਗਾਨ ਉਸ ਰਸਤੇ ਤੋਂ ਹਵਾਈ ਅੱਡੇ ਨਹੀਂ ਜਾ ਸਕਦੇ, ਪਰ ਵਿਦੇਸ਼ੀ ਨਾਗਰਿਕਾਂ ਨੂੰ ਹਵਾਈ ਅੱਡੇ ‘ਤੇ ਜਾਣ ਦੀ ਆਗਿਆ ਹੋਵੇਗੀ। ਜ਼ਬੀਉੱਲਾ ਨੇ ਕਿਹਾ ਕਿ ਸਾਰੇ ਅਫਗਾਨ ਨਾਗਰਿਕ ਜੋ ਪਿਛਲੇ ਸਮੇਂ ਵਿੱਚ ਦੇਸ਼ ਛੱਡ ਚੁੱਕੇ ਹਨ, ਉਨ੍ਹਾਂ ਨੂੰ ਆਪਣੇ ਦੇਸ਼ ਪਰਤਣਾ ਚਾਹੀਦਾ ਹੈ।”
ਤਾਲਿਬਾਨ ਨੇ ਕਿਹਾ, ‘ਅਸੀਂ ਹੁਣ ਅਫਗਾਨੀਆਂ ਨੂੰ ਦੇਸ਼ ਛੱਡਣ ਦੀ ਇਜਾਜ਼ਤ ਨਹੀਂ ਦੇਵਾਂਗੇ ਅਤੇ ਨਾ ਹੀ ਅਸੀਂ ਇਸ ਤੋਂ ਖੁਸ਼ ਹਾਂ। ਅਫਗਾਨਿਸਤਾਨ ਦੇ ਡਾਕਟਰਾਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਦੇਸ਼ ਨਹੀਂ ਛੱਡਣਾ ਚਾਹੀਦਾ ਅਤੇ ਆਪਣੇ ਹੀ ਦੇਸ਼ ਵਿੱਚ ਕੰਮ ਕਰਨਾ ਚਾਹੀਦਾ ਹੈ।’ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਹਜ਼ਾਰਾਂ ਲੋਕ ਅਫਗਾਨਿਸਤਾਨ ਛੱਡ ਚੁੱਕੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਔਰਤਾਂ ਹਨ। ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਕਿਹਾ ਕਿ 14 ਅਗਸਤ ਤੋਂ ਹੁਣ ਤੱਕ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਕਾਬੁਲ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇਨ੍ਹਾਂ ਵਿੱਚ ਅਮਰੀਕੀ ਨਾਗਰਿਕ, ਨਾਟੋ ਕਰਮਚਾਰੀ ਅਤੇ ਜੋਖਮ ਵਾਲੇ ਅਫਗਾਨ ਨਾਗਰਿਕ ਸ਼ਾਮਿਲ ਹਨ। ਤਾਲਿਬਾਨ ਦੇ ਇਸ ਬਿਆਨ ‘ਤੇ, ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਪਸਕੀ ਨੇ ਕਿਹਾ ਕਿ ਇਹ ਉਨ੍ਹਾਂ ਅਫਗਾਨਾਂ ਨੂੰ ਪ੍ਰਭਾਵਿਤ ਨਹੀਂ ਕਰੇਗਾ ਜਿਨ੍ਹਾਂ ਨੂੰ ਅਮਰੀਕਾ ਨੇ ਤਰਜੀਹ ਦਿੱਤੀ ਹੈ। ਉਸ ਨੇ ਦੱਸਿਆ ਕਿ ਤਾਲਿਬਾਨ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਦੱਸਿਆ ਗਿਆ ਹੈ ਕਿ ਅਜਿਹੇ ਲੋਕਾਂ ਨੂੰ ਹਵਾਈ ਅੱਡੇ ਤੱਕ ਪਹੁੰਚਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਦੇਖੋ : ਪੁੱਤ Yuvraj ਨੂੰ ਚੇਤੇ ਕਰ ਭਾਵੁਕ ਹੋਏ Yograj Singh, ਖੋਲੇ Yuvraj Singh ਬਾਰੇ ਅਣਸੁਣੇ ਰਾਜ਼ |