ਅਫਗਾਨਿਸਤਾਨ ਤੋਂ ਸਿੱਖ ਭਾਈਚਾਰੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ । ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੇਸ਼ ਤੋਂ ਬਾਹਰ ਲਿਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ । ਇਸ ਮਾਮਲੇ ਵਿੱਚ ਇੰਡੀਅਨ ਵਰਲਡ ਫੋਰਮ ਨੇ ਭਾਰਤ ਸਰਕਾਰ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਤਾਲਿਬਾਨ ਸਰਕਾਰ ਇਸ ਪਾਬੰਦੀ ਨੂੰ ਹਟਾ ਦੇਵੇ । ਦੱਸਿਆ ਜਾ ਰਿਹਾ ਹੈ ਕਿ ਅਫਗਾਨਿਸਤਾਨ ਦੇ ਸੂਚਨਾ ਅਤੇ ਸੰਸਕ੍ਰਿਤੀ ਮੰਤਰਾਲੇ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇਸ਼ ਤੋਂ ਬਾਹਰ ਲਿਆਉਣ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਜਾਣਕਾਰੀ ਅਨੁਸਾਰ ਸਿੱਖਾਂ ਦੇ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ 11 ਸਤੰਬਰ 2022 ਨੂੰ 60 ਸਿੱਖਾਂ ਨਾਲ ਦਿੱਲੀ ਲਿਆਉਣ ਦਾ ਪ੍ਰੋਗਰਾਮ ਸੀ । ਅਫਗਾਨਿਸਤਾਨ ਦੇ ਸੂਚਨਾ ਅਤੇ ਸੱਭਿਆਚਾਰ ਮੰਤਰਾਲੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਿੱਲੀ ਲਿਜਾਣ ਦੇ ਕਦਮ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ । ਇਸ ਤੋਂ ਬਾਅਦ ਅਫਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਹੁਕਮ ਜਾਰੀ ਕਰਕੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਅਫਗਾਨਿਸਤਾਨ ਤੋਂ ਬਾਹਰ ਲਿਜਾਣ ‘ਤੇ ਰੋਕ ਲਗਾ ਦਿੱਤੀ ਹੈ । ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੇ ਇਸ ਕਦਮ ਦੀ ਜਾਣਕਾਰੀ ਭਾਰਤੀ ਵਿਸ਼ਵ ਮੰਚ ਨੇ ਦਿੱਤੀ ਹੈ । ਭਾਰਤੀ ਵਿਸ਼ਵ ਮੰਚ ਨੇ ਇਸ ਮਾਮਲੇ ਵਿੱਚ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਦੇ ਦਖਲ ਦੀ ਮੰਗ ਕੀਤੀ ਹੈ। ਮੰਚ ਦਾ ਕਹਿਣਾ ਹੈ ਕਿ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਦੇ ਬਾਹਰ ਜਾਣ ‘ਤੇ ਕੋਈ ਪਾਬੰਦੀ ਨਹੀਂ ਹੈ, ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਹਰ ਜਾਣ ‘ਤੇ ਪਾਬੰਦੀ ਕਿਉਂ ਲਗਾਈ ਗਈ ਹੈ।
ਇਹ ਵੀ ਪੜ੍ਹੋ: ‘ਆਪ’ ਵਿਧਾਇਕਾਂ ਦੀ ਸ਼ਿਕਾਇਤ ਦੇ ਬਾਅਦ ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ FIR ਕੀਤੀ ਦਰਜ
ਅਫਗਾਨਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਨੇ ਸੂਚਨਾ ਅਤੇ ਸੱਭਿਆਚਾਰ ਮੰਤਰਾਲੇ ਤੋਂ ਅਧਿਕਾਰਤ ਮਨਜ਼ੂਰੀ ਦੀ ਘਾਟ ਕਾਰਨ ਪਵਿੱਤਰ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ । ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਲਈ ਤਾਲਿਬਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ । ਇਸ ਕਦਮ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰਾਲੇ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਅਫਗਾਨ ਵਿਦੇਸ਼ ਮੰਤਰਾਲਾ ਇਸ ਗੱਲ ‘ਤੇ ਅੜਿਆ ਹੋਇਆ ਹੈ ਕਿ ਜਦੋਂ ਤੱਕ ਅਫਗਾਨ ਸੱਭਿਆਚਾਰ ਅਤੇ ਸੂਚਨਾ ਮੰਤਰਾਲੇ ਤੋਂ ਅਧਿਕਾਰਤ ਪੁਸ਼ਟੀ ਪੱਤਰ ਪ੍ਰਾਪਤ ਨਹੀਂ ਹੁੰਦਾ, ਧਰਮ ਗ੍ਰੰਥਾਂ ਨੂੰ ਅਫਗਾਨਿਸਤਾਨ ਤੋਂ ਬਾਹਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਸੀ । ਇਸ ਦੌਰਾਨ ਇਹ ਵੀ ਪਤਾ ਲੱਗਿਆ ਕਿ ਅਫਗਾਨ ਸਿੱਖਾਂ ਨੇ ਆਪਣਾ ਨਿਕਾਸੀ ਪ੍ਰੋਗਰਾਮ ਉਦੋਂ ਤੱਕ ਮੁਲਤਵੀ ਕਰ ਦਿੱਤਾ ਜਦੋਂ ਤੱਕ ਅਧਿਕਾਰੀਆਂ ਨੇ ਉਨ੍ਹਾਂ ਨੂੰ ਧਰਮ ਗ੍ਰੰਥ ਆਪਣੇ ਨਾਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: