ਦੁਨੀਆ ਭਰ ਵਿੱਚ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ । ਅਜਿਹੇ ਵਿੱਚ ਦੁਨੀਆ ਭਰ ਦੇ ਦੇਸ਼ ਹੁਣ ਕੋਵਿਡ-19 ਦੇ ਘੱਟਦੇ ਪ੍ਰਕੋਪ ਦੇ ਮੱਦੇਨਜ਼ਰ ਪਾਬੰਦੀਆਂ ਹਟਾ ਰਹੇ ਹਨ। ਇਸ ਵਿਚਾਲੇ ਕੈਨੇਡਾ ਜਾਣ ਵਾਲੇ ਨਾਗਰਿਕਾਂ ਨੂੰ ਵੱਡੀ ਰਾਹਤ ਮਿਲਣ ਵਾਲੀ ਹੈ । ਇਕ ਸਰਕਾਰੀ ਸੂਤਰ ਨੇ ਕਿਹਾ ਕਿ ਕੈਨੇਡਾ ਵਿੱਚ ਦਾਖਲ ਹੋਣ ਲਈ ਟੀਕਾਕਰਨ ਦੀ ਲੋੜ ਨੂੰ ਖਤਮ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੈਨੇਡੀਅਨ ਸਰਕਾਰ ਸਤੰਬਰ ਦੇ ਅੰਤ ਤੱਕ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਲਈ ਕੋਵਿਡ-19 ਵੈਕਸੀਨ ਦੀ ਲੋੜ ਨੂੰ ਖਤਮ ਕਰ ਸਕਦੀ ਹੈ ।
ਸੂਤਰਾਂ ਮੁਤਾਬਕ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 30 ਸਤੰਬਰ ਤੱਕ ਇਸ ਫੈਸਲੇ ਦਾ ਐਲਾਨ ਕਰ ਸਕਦੇ ਹਨ । ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਨੂੰ ਅੰਤਿਮ ਰੂਪ ਦੇਣਾ ਹੈ । ਇਸ ਤੋਂ ਇਲਾਵਾ ਇਹ ਵੀ ਪਤਾ ਲੱਗਿਆ ਹੈ ਕਿ ਹੁਣ ਅਰਾਈਵਕੈਨ ਐਪ ਵਿੱਚ ਟੀਕਾਕਰਨ ਬਾਰੇ ਜਾਣਕਾਰੀ ਭਰਨ ਦੀ ਲੋੜ ਨਹੀਂ ਰਹੇਗੀ। ਹਾਲਾਂਕਿ ਕੈਨੇਡੀਅਨ ਸਰਕਾਰ ਹਵਾਈ ਅੱਡਿਆਂ ‘ਤੇ ਕੋਵਿਡ-19 ਟੈਸਟਿੰਗ ਨੂੰ ਖਤਮ ਨਹੀਂ ਕਰੇਗੀ।
ਦੱਸ ਦੇਈਏ ਕਿ ਅਮਰੀਕਾ ਵਾਂਗ ਕੈਨੇਡਾ ਆਉਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਟੀਕਾਕਰਨ ਸਰਟੀਫਿਕੇਟ ਦਿਖਾਉਣਾ ਜ਼ਰੂਰੀ ਹੁੰਦਾ ਹੈ । ਹਾਲਾਂਕਿ ਹਾਲੇ ਤੱਕ ਅਮਰੀਕਾ ਨੇ ਟੀਕਾਕਰਨ ਨੂੰ ਖ਼ਤਮ ਕਰਨ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਹੈ ਕਿ ਕੀ ਉਹ 30 ਸਤੰਬਰ ਤਕ ਵੀ ਅਜਿਹਾ ਕਦਮ ਚੁੱਕਣਗੇ ਜਾਂ ਨਹੀਂ। ਜ਼ਿਕਰਯੋਗ ਹੈ ਕਿ ਕੈਨੇਡਾ ਵਿੱਚ ਹੁਣ ਤੱਕ 42 ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ । ਜਦੋਂ ਕਿ 45 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: