Trump claims PM Modi Praise: ਵਾਸ਼ਿੰਗਟਨ: ਚੋਣਾਂ ਦੀ ਤਿਆਰੀ ਕਰ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਟੈਸਟਿੰਗ ਨੂੰ ਲੈ ਕੇ ਕੀਤੇ ਗਏ ਉਨ੍ਹਾਂ ਦੇ ਸ਼ਾਨਦਾਰ ਕੰਮ ਦੀ ਪ੍ਰਸ਼ੰਸਾ ਕੀਤੀ ਹੈ । ਉੱਥੇ ਹੀ ਸਵਾਈਨ ਫਲੂ ਨੂੰ ਰੋਕਣ ‘ਚ ਅਸਫਲ ਰਹਿਣ ਦਾ ਦੋਸ਼ ਲਗਾਉਂਦੇ ਹੋਏ ਟਰੰਪ ਨੇ ਆਪਣੇ ਵਿਰੋਧੀ ਡੈਮੋਕਰੇਟਿਕ ਉਮੀਦਵਾਰ ਜੋ ਬਿਡੇਨ ‘ਤੇ ਨਿਸ਼ਾਨਾ ਸਾਧਿਆ ਹੈ। ਕੋਰੋਨਾ ਵਾਇਰਸ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਤੱਕ ਸਭ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ ਅਮਰੀਕਾ ਵਿੱਚ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਭਾਰਤ ਦੂਜੇ ਨੰਬਰ ‘ਤੇ ਹੈ। ਕੋਰੋਨਾ ਪ੍ਰੀਖਣ ਦੇ ਮਾਮਲੇ ਵਿੱਚ ਭਾਰਤ ਸਿਰਫ ਅਮਰੀਕਾ ਤੋਂ ਪਿੱਛੇ ਹੈ।
ਦਰਅਸਲ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇੱਕ ਚੋਣ ਰੈਲੀ ਵਿੱਚ ਕਿਹਾ, “ਹੁਣ ਤੱਕ ਅਸੀਂ ਭਾਰਤ ਨਾਲੋਂ ਜ਼ਿਆਦਾ ਲੋਕਾਂ ਦੇ ਕੋਰੋਨਾ ਟੈਸਟ ਕਰਵਾ ਚੁੱਕੇ ਹਾਂ। ਟੈਸਟਿੰਗ ਵਿੱਚ ਭਾਰਤ ਅਮਰੀਕਾ ਤੋਂ ਬਾਅਦ ਦੂਜੇ ਸਥਾਨ ‘ਤੇ ਹੈ। ਅਸੀਂ ਭਾਰਤ ਨਾਲੋਂ 4.4 ਕਰੋੜ ਤੋਂ ਵੀ ਜ਼ਿਆਦਾ ਟੈਸਟ ਕੀਤੇ ਹਨ । ਉਨ੍ਹਾਂ ਦੀ ਆਬਾਦੀ 1.5 ਅਰਬ ਹੈ।” ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਫੋਨ ਕੀਤਾ ਅਤੇ ਕਿਹਾ ਕਿ “ਤੁਸੀਂ ਜਾਂਚ ਲਈ ਕਿਹੜਾ ਕੰਮ ਕੀਤਾ ਹੈ।”
ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਲਿਹਾਜ਼ ਨਾਲ ਭਾਰਤ ਸਿਰਫ ਅਮਰੀਕਾ ਤੋਂ ਪਿੱਛੇ ਹੈ। ਇਸ ਸਮੇਂ ਅਮਰੀਕਾ ਵਿੱਚ ਪੀੜਤਾਂ ਦੀ ਕੁੱਲ ਗਿਣਤੀ 64,83,064 ਹੈ, ਜਦੋਂ ਕਿ 47,54,356 ਮਾਮਲਿਆਂ ਨਾਲ ਭਾਰਤ ਦੂਜੇ ਨੰਬਰ ‘ਤੇ ਹੈ। ਭਾਰਤ ਵਿੱਚ ਕੋਵਿਡ-19 ਦਾ ਗ੍ਰਾਫ ਪਿਛਲੇ ਦਿਨਾਂ ਵਿੱਚ ਤੇਜ਼ੀ ਨਾਲ ਵਧਿਆ ਹੈ। ਪਿਛਲੇ ਤਿੰਨ-ਚਾਰ ਦਿਨਾਂ ਵਿੱਚ ਹਰ ਦਿਨ 90 ਹਜ਼ਾਰ ਤੋਂ ਇੱਕ ਲੱਖ ਦੇ ਵਿੱਚ ਲੋਕ ਕੋਰੋਨਾ ਸੰਕਰਮਿਤ ਹੋ ਰਹੇ ਹਨ। ਐਤਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਦੀ ਲਾਗ ਨਾਲ ਸੰਕਰਮਣ ਦੀ ਗਿਣਤੀ ਵੱਧ ਕੇ 47,54,356 ਹੋ ਗਈ ਹੈ।