Trump On India-China Border Tension: ਗਲਵਾਨ ਘਾਟੀ ਵਿੱਚ ਭਾਰਤੀ ਅਤੇ ਚੀਨੀ ਫੌਜੀਆਂ ਵਿਚਾਲੇ ਹੋਈ ਹਿੰਸਕ ਝੜਪ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਤਣਾਅ ਵੱਧ ਗਿਆ ਹੈ। ਅਮਰੀਕਾ ਵੀ ਦੋਵਾਂ ਦੇਸ਼ਾਂ ਵਿਚਾਲੇ ਦੁਸ਼ਮਣੀ ‘ਤੇ ਨਜ਼ਰ ਰੱਖ ਰਿਹਾ ਹੈ । ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਭਾਰਤ ਅਤੇ ਚੀਨ ਨਾਲ ਗੱਲਬਾਤ ਕਰ ਰਹੇ ਹ ਨ। ਉਨ੍ਹਾਂ ਕਿਹਾ ਕਿ ਸਥਿਤੀ ਬਹੁਤ ਮੁਸ਼ਕਿਲ ਹੈ।
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਹ ਬਹੁਤ ਮੁਸ਼ਕਿਲ ਸਥਿਤੀ ਹੈ । ਅਸੀਂ ਭਾਰਤ ਅਤੇ ਚੀਨ ਦੋਵਾਂ ਨਾਲ ਗੱਲ ਕਰ ਰਹੇ ਹਾਂ। ਉਨ੍ਹਾਂ ਵਿਚਾਲੇ ਵੱਡੀ ਸਮੱਸਿਆ ਆਈ ਹੈ। ਉਨ੍ਹਾਂ ਵਿਚਾਲੇ ਝੜਪ ਹੋ ਰਹੀ ਹੈ। ਅਸੀਂ ਦੇਖਾਂਗੇ ਕਿ ਅਸੀਂ ਕੀ ਕਰ ਸਕਦੇ ਹਾਂ। ਅਸੀਂ ਕੋਸ਼ਿਸ਼ ਕਰਾਂਗੇ ਅਤੇ ਉਨ੍ਹਾਂ ਦੀ ਮਦਦ ਕਰਾਂਗੇ।
ਜ਼ਿਕਰਯੋਗ ਹੈ ਕਿ ਟਰੰਪ ਨੇ ਪਿਛਲੇ ਮਹੀਨੇ ਭਾਰਤ-ਚੀਨ ਸਰਹੱਦੀ ਵਿਵਾਦ ‘ਤੇ ਵਿਚੋਲਗੀ ਦੀ ਪੇਸ਼ਕਸ਼ ਕੀਤੀ ਸੀ । ਟਰੰਪ ਨੇ ਕਿਹਾ ਸੀ ਕਿ ਅਮਰੀਕਾ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਦੇ ਮੁੱਦੇ ‘ਤੇ ਵਿਚੋਲਗੀ ਕਰਨ ਲਈ ਤਿਆਰ ਹੈ । ਹਾਲਾਂਕਿ, ਉਨ੍ਹਾਂ ਦੀ ਪੇਸ਼ਕਸ਼ ਨੂੰ ਦੋਵਾਂ ਦੇਸ਼ਾਂ ਨੇ ਠੁਕਰਾ ਦਿੱਤਾ ਸੀ। ਦਰਅਸਲ,ਜਦੋਂ ਤੋਂ ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਚੱਲ ਰਿਹਾ ਹੈ, ਉਦੋਂ ਤੋਂ ਹੀ ਅਮਰੀਕਾ ਲਗਾਤਾਰ ਇਸ ਘਟਨਾ ਨੂੰ ਵੇਖ ਰਿਹਾ ਹੈ । ਹਾਲ ਹੀ ਵਿੱਚ ਇਸ ਮੁੱਦੇ ‘ਤੇ ਵ੍ਹਾਈਟ ਹਾਊਸ ਵੱਲੋਂ ਇੱਕ ਬਿਆਨ ਵੀ ਜਾਰੀ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਸਾਡੀਆਂ ਨਜ਼ਰਾਂ ਟਿਕੀਆਂ ਹਨ ਅਤੇ ਅਸੀਂ ਚਾਹੁੰਦੇ ਹਾਂ ਕਿ ਮਾਮਲਾ ਜਲਦ ਸ਼ਾਂਤ ਹੋ ਜਾਵੇ ।
ਦੱਸ ਦੇਈਏ ਕਿ ਇਸ ਸਮੇਂ ਕੋਰੋਨਾ ਵਾਇਰਸ, ਟ੍ਰੇਡ ਵਾਰ ਸਣੇ ਕਈ ਮਸਲਿਆਂ ‘ਤੇ ਅਮਰੀਕਾ ਅਤੇ ਚੀਨ ਦੀ ਤਣੀ ਹੋਈ ਹੈ। ਅਮਰੀਕਾ ਪੁਰਾਣੇ ਸਮੇਂ ਤੋਂ ਹੀ ਭਾਰਤ ਦਾ ਸਹਿਯੋਗੀ ਰਿਹਾ ਹੈ, ਅਜਿਹੇ ਮਾਹੌਲ ਵਿੱਚ ਇਸ ਤਣਾਅ ਭਰੇ ਮਾਹੌਲ ਵਿੱਚ ਅਮਰੀਕਾ ਵੱਲੋਂ ਭਾਰਤ ਦੇ ਹੱਕ ਵਿਚ ਬਿਆਨ ਦਿੱਤੇ ਜਾ ਰਹੇ ਹਨ ।