ਰੂਸ-ਯੂਕਰੇਨ ਯੁੱਧ ‘ਤੇ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੀ ਹੰਗਾਮੀ ਬੈਠਕ ‘ਚ ਭਾਰਤ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਉਹ ਵਿਵਾਦਾਂ ਦੇ ਸ਼ਾਂਤੀਪੂਰਨ ਹੱਲ ਦੇ ਪੱਖ ‘ਚ ਹੈ। ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐਸ ਤਿਰੁਮੂਰਤੀ ਨੇ 11ਵੇਂ ਐਮਰਜੈਂਸੀ ਵਿਸ਼ੇਸ਼ ਸੈਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਕਿਹਾ ਕਿ ਨਵੀਂ ਦਿੱਲੀ ਦਾ ਪੱਕਾ ਵਿਸ਼ਵਾਸ ਹੈ ਕਿ ਕੂਟਨੀਤੀ ਦੇ ਰਾਹ ’ਤੇ ਮੁੜਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।
ਟੀਐਸ ਤਿਰੁਮੂਰਤੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਭਾਰਤ ਆਪਣੇ ਨਾਗਰਿਕਾਂ ਨੂੰ ਯੂਕਰੇਨ ਵਿੱਚੋਂ ਤੁਰੰਤ ਕੱਢਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਮੈਂਬਰ ਦੇਸ਼ਾਂ ਨੂੰ ਕਿਹਾ ਕਿ ਇਹ ਇਕ ਮਹੱਤਵਪੂਰਨ ਮਾਨਵਤਾਵਾਦੀ ਮੁੱਦਾ ਹੈ ਅਤੇ ਇਸ ‘ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਯੂਕਰੇਨ ‘ਚ ਭਾਰਤੀ ਵਿਦਿਆਰਥੀਆਂ ‘ਤੇ ਹਮਲੇ ਦੀਆਂ ਖਬਰਾਂ ਵੀ ਆਈਆਂ ਹਨ।
ਭਾਰਤੀ ਪ੍ਰਤੀਨਿਧੀ ਨੇ ਯੂਕਰੇਨ ਦੇ ਗੁਆਂਢੀ ਦੇਸ਼ਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਣ ਵਿੱਚ ਮਦਦ ਲਈ ਆਪਣੀਆਂ ਸਰਹੱਦਾਂ ਖੋਲ੍ਹ ਦਿੱਤੀਆਂ ਹਨ। “ਮੈਂ ਯੂਕਰੇਨ ਦੇ ਸਾਰੇ ਗੁਆਂਢੀ ਦੇਸ਼ਾਂ ਦਾ ਧੰਨਵਾਦ ਕਰਨਾ ਚਾਹਾਂਗਾ ਜਿਨ੍ਹਾਂ ਨੇ ਸਾਡੇ ਨਾਗਰਿਕਾਂ ਲਈ ਆਪਣੀਆਂ ਸਰਹੱਦਾਂ ਖੋਲ੍ਹ ਦਿੱਤੀਆਂ ਹਨ ਅਤੇ ਸਾਡੇ ਮਿਸ਼ਨਾਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ,” ਉਸਨੇ ਕਿਹਾ। ਅਸੀਂ ਆਪਣੇ ਗੁਆਂਢੀਆਂ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਉਨ੍ਹਾਂ ਦੀ ਮਦਦ ਕਰਨ ਲਈ ਤਿਆਰ ਹਾਂ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ।
ਇਸ ਦੇ ਨਾਲ ਹੀ ਯੂਕਰੇਨ ਨੇ ਇਸ ਬੈਠਕ ‘ਚ ਰੂਸ ‘ਤੇ ਕਈ ਦੋਸ਼ ਲਗਾਏ। ਯੂਕਰੇਨ ਦੇ ਪ੍ਰਤੀਨਿਧੀ ਨੇ ਕਿਹਾ ਕਿ ਰੂਸ ਦੇ ਝੂਠ ਨਾ ਸੁਣੋ, ਸਾਡੇ ਹੰਝੂ ਦੇਖੋ, ਸਾਡਾ ਦਰਦ ਮਹਿਸੂਸ ਕਰੋ। ਸਾਨੂੰ ਤੁਹਾਡੀ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰੂਸੀ ਫੌਜ ਤਬਾਹੀ ਮਚਾ ਰਹੀ ਹੈ, ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਹਾਲਾਂਕਿ, ਰੂਸ ਨੇ ਆਪਣੀ ਕਾਰਵਾਈ ਨੂੰ ਜਾਇਜ਼ ਠਹਿਰਾਇਆ ਅਤੇ ਕਿਹਾ ਕਿ ਨਾਗਰਿਕ ਇਸਦਾ ਨਿਸ਼ਾਨਾ ਨਹੀਂ ਹਨ। ਯੂਕਰੇਨ ਦੇ ਰਾਜਦੂਤ ਸਰਗੇਈ ਕਿਸਲਿਤਸੀਆ ਨੇ ਰੂਸ ਦੇ ਖਿਲਾਫ ਲਿਆਂਦੇ ਮਤੇ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਜੇਕਰ ਯੂਕਰੇਨ ਨਹੀਂ ਬਚੇਗਾ ਤਾਂ ਸੰਯੁਕਤ ਰਾਸ਼ਟਰ ਨਹੀਂ ਬਚੇਗਾ ਅਤੇ ਇਹ ਕੋਈ ਭੁਲੇਖਾ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: