Us lawmakers write to : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 30 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲਬਾਤ ਕਰਨ ਦੀ ਨਵੀਂ ਤਰੀਕ ਤੈਅ ਕਰਨ ਲਈ ਇੱਕ ਹੋਰ ਪੱਤਰ ਭੇਜਿਆ ਗਿਆ ਹੈ। ਕਿਸਾਨਾਂ ਦੇ ਅੰਦੋਲਨ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ। ਉੱਥੇ ਹੀ ਹੁਣ ਕਿਸਾਨਾਂ ਨੂੰ ਵੱਖ-ਵੱਖ ਦੇਸ਼ਾ ਤੋਂ ਵੀ ਸਾਥ ਮਿਲ ਰਿਹਾ ਹੈ। ਸੱਤ ਸੰਯੁਕਤ ਰਾਜ ਦੇ ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਪੋਂਪੀਓ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਭਾਰਤ ਸਰਕਾਰ ਨਾਲ ਗੱਲਬਾਤ ਕਰਨ। ਪੱਤਰ ਲਿਖਣ ਵਾਲਿਆਂ ਵਿੱਚ ਭਾਰਤੀ ਮੂਲ ਦੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਵੀ ਸ਼ਾਮਿਲ ਹਨ। ਜੈਪਾਲ ਤੋਂ ਇਲਾਵਾ ਇਸ ਪੱਤਰ ਵਿੱਚ ਡੋਨਾਲਡ ਨੌਰਕ੍ਰਾਸ, ਬ੍ਰੈਂਡਨ ਐਫ ਬੋਇਲ, ਬ੍ਰਾਇਨ ਫਿਟਜ਼ਪਟਰਿਕ, ਮੈਰੀ ਗੇ ਸਕੈਨਲਨ, ਡੇਬੀ ਡਿਂਜੈਲ ਅਤੇ ਡੇਵਿਡ ਟ੍ਰੋਨ ਦੇ ਦਸਤਖਤ ਹਨ।
ਪੌਂਪੀਓ ਨੂੰ ਲਿਖੇ ਪੱਤਰ ਵਿੱਚ, ਅਮਰੀਕੀ ਸੰਸਦ ਮੈਂਬਰਾਂ ਨੇ ਕਿਹਾ ਕਿ ਬਹੁਤ ਸਾਰੇ ਭਾਰਤੀ ਅਮਰੀਕੀ ਇਸ ਅੰਦੋਲਨ ਤੋਂ ਪ੍ਰਭਾਵਿਤ ਹੋ ਰਹੇ ਹਨ। ਕਾਰਨ ਇਹ ਹੈ ਕਿ ਉਨ੍ਹਾਂ ਦੇ ਰਿਸ਼ਤੇਦਾਰ ਪੰਜਾਬ ਜਾਂ ਭਾਰਤ ਦੇ ਹੋਰ ਹਿੱਸਿਆਂ ਵਿੱਚ ਰਹਿੰਦੇ ਹਨ। ਇਸ ਲਈ, ਤੁਹਾਨੂੰ ਇਹ ਮੁੱਦਾ ਆਪਣੇ ਭਾਰਤੀ ਹਮਰੁਤਬਾ (ਵਿਦੇਸ਼ ਮੰਤਰੀ ਸ. ਜੈਸ਼ੰਕਰ) ਕੋਲ ਉਠਾਉਣਾ ਚਾਹੀਦਾ ਹੈ। ਸੰਸਦ ਮੈਂਬਰਾਂ ਨੇ ਇਹ ਪੱਤਰ 23 ਦਸੰਬਰ ਨੂੰ ਲਿਖਿਆ ਸੀ। ਸੰਸਦ ਮੈਂਬਰਾਂ ਨੇ ਕਿਹਾ ਕਿ ਸੰਵਿਧਾਨਕ ਅਹੁਦੇ ‘ਤੇ ਰਹਿੰਦਿਆਂ ਅਸੀਂ ਭਾਰਤ ਸਰਕਾਰ ਦੇ ਰਾਸ਼ਟਰੀ ਨੀਤੀ ਨੂੰ ਬਣਾਉਣ ਦੇ ਅਧਿਕਾਰ ਦਾ ਸਤਿਕਾਰ ਕਰਦੇ ਹਾਂ। ਅਸੀਂ ਭਾਰਤ ਅਤੇ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਅਧਿਕਾਰਾਂ ਨੂੰ ਵੀ ਸਵੀਕਾਰ ਕਰਦੇ ਹਾਂ ਜਿਹੜੇ ਅੱਜ ਕੱਲ੍ਹ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ, ਕਿਉਂਕਿ ਉਹ ਇਸ ਨੂੰ ਆਪਣੀ ਆਰਥਿਕ ਸੁਰੱਖਿਆ ਨੂੰ ਸੱਟ ਵੱਜੋਂ ਵੇਖਦੇ ਹਨ। ਇਸ ਲਈ ਅਸੀਂ ਕਿਸਾਨਾਂ ਦੇ ਅਧਿਕਾਰਾਂ ਦਾ ਵੀ ਸਮਰਥਨ ਕਰਦੇ ਹਾਂ।
ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ 26 ਨਵੰਬਰ ਤੋਂ ਦਿੱਲੀ ਸਰਹੱਦ ‘ਤੇ ਲਗਾਤਾਰ ਪ੍ਰਦਰਸ਼ਨ ਕਰ ਰਹੀਆਂ ਹਨ। ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰ ਰਾਜਾਂ ਦੇ ਕਿਸਾਨ ਮੰਗ ਕਰ ਰਹੇ ਹਨ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲਵੇ। ਕਿਸਾਨਾਂ ਅਤੇ ਸਰਕਾਰ ਦਰਮਿਆਨ ਕਈ ਗੇੜ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਮਿਲ ਸਕਿਆ। ਇਸ ਤੋਂ ਪਹਿਲਾਂ ਕੈਨੇਡੀਅਨ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਗੁਰੂਨਾਨਕ ਜੈਅੰਤੀ ਦੇ ਦਿਨ ਭਾਰਤ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਸੀ ਕਿ ਸਥਿਤੀ ਚਿੰਤਾਜਨਕ ਹੈ। ਅਸੀਂ ਹਮੇਸ਼ਾਂ ਸ਼ਾਂਤਮਈ ਪ੍ਰਦਰਸ਼ਨਾਂ ਦੇ ਹੱਕ ਵਿੱਚ ਹਾਂ। ਵਿਦੇਸ਼ ਮੰਤਰਾਲੇ ਨੇ ਇਸ ‘ਤੇ ਸਖਤ ਇਤਰਾਜ਼ ਜਤਾਇਆ ਸੀ। ਮੰਤਰਾਲੇ ਨੇ ਕਿਹਾ ਸੀ ਕਿ ਇਸ ਤਰ੍ਹਾਂ ਦੇ ਬਿਆਨ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਹਨ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜੇ ਇਹ ਜਾਰੀ ਰਿਹਾ ਤਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ।
ਇਹ ਵੀ ਦੇਖੋ : ਹੱਡ ਚੀਰਵੀਂ ਠੰਡ ‘ਚ ਮਿਹਨਤ ਕਰਦੀਆਂ ਇਨ੍ਹਾਂ ਕੁੜੀਆਂ ਦੇ ਸੁਣੋ ਵੱਡੇ ਸੁਪਨਿਆਂ ਬਾਰੇ