Us parliament members supported farmers protest: ਵਾਸ਼ਿੰਗਟਨ : ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 9 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਵੱਖ-ਵੱਖ ਵਰਗਾਂ ਤੋਂ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 9 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਇਸ ਕਿਸਾਨ ਅੰਦੋਲਨ ਦਾ ਅਸਰ ਹੁਣ ਦੇਸ਼ ਤੋਂ ਬਾਹਰ ਵੀ ਦੇਖਿਆ ਜਾਂ ਰਿਹਾ ਹੈ। ਵਦੇਸ਼ਾ ਦੇ ਵਿੱਚ ਵੀ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਅੰਦੋਲਨ ਨੂੰ ਕੈਨੇਡਾ,ਅਮਰੀਕਾ,ਇੰਗਲੈਂਡ ਅਤੇ ਆਸਟ੍ਰੇਲੀਆ ਵਰਗੇ ਵੱਡੇ ਦੇਸ਼ਾ ਤੋਂ ਵੀ ਸਮਰਥਨ ਮਿਲ ਰਿਹਾ ਹੈ। ਜਿਸਦੇ ਚਲਦਿਆ ਅਮਰੀਕਾ ਦੇ ਕਈ ਸੰਸਦ ਮੈਂਬਰਾਂ ਨੇ ਵੀ ਭਾਰਤ ਵਿੱਚ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਹੈ ਅਤੇ ਉਨ੍ਹਾਂ ਨੂੰ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਦੀ ਬੇਨਤੀ ਕੀਤੀ ਹੈ। ਭਾਰਤ ਨੇ ਵਿਦੇਸ਼ੀ ਨੇਤਾਵਾਂ ਦੇ ਕਿਸਾਨਾਂ ਦੇ ਪ੍ਰਦਰਸ਼ਨ ਬਾਰੇ ਦਿੱਤੇ ਬਿਆਨਾਂ ਨੂੰ “ਗੁੰਮਰਾਹਕੁੰਨ” ਅਤੇ “ਅਣਉਚਿਤ” ਦੱਸਿਆ ਹੈ ਅਤੇ ਕਿਹਾ ਹੈ ਕਿ ਇਹ ਲੋਕਤੰਤਰੀ ਦੇਸ਼ ਦਾ ਅੰਦਰੂਨੀ ਮਾਮਲਾ ਹੈ।
ਯੂਐਸ ਕਾਂਗਰਸ ਦੇ ਸੰਸਦ ਮੈਂਬਰ ਡੱਗ ਲਮੈਲਫਾ ਨੇ ਸੋਮਵਾਰ ਨੂੰ ਕਿਹਾ, ” ਭਾਰਤ ਵਿੱਚ ਆਪਣੀ ਰੋਜ਼ੀ-ਰੋਟੀ ਬਚਾਉਣ ਦੀ ਖ਼ਾਤਰ ਅਤੇ ਸਰਕਾਰ ਦੇ ਧੋਖੇ, ਅਸਪਸ਼ਟ ਨਿਯਮਾਂ ਅਤੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਪੰਜਾਬੀ ਕਿਸਾਨਾਂ ਦਾ ਸਮਰਥਨ ਕਰਦਾ ਹਾਂ। ਪੰਜਾਬੀ ਕਿਸਾਨਾਂ ਨੂੰ ਆਪਣੀ ਸਰਕਾਰ ਵਿਰੁੱਧ ਹਿੰਸਾ ਦੇ ਡਰ ਤੋਂ ਬਿਨਾਂ ਸ਼ਾਂਤਮਈ ਪ੍ਰਦਰਸ਼ਨਾਂ ਦੀ ਆਗਿਆ ਦੇਣੀ ਚਾਹੀਦੀ ਹੈ।” ਕੈਲੀਫੋਰਨੀਆ ਤੋਂ ਰਿਪਬਲੀਕਨ ਸੰਸਦ ਮੈਂਬਰ ਨੇ ਕਿਹਾ, “ਪੰਜਾਬੀ ਕਿਸਾਨਾਂ ਨੂੰ ਆਪਣੀ ਸਰਕਾਰ ਵਿਰੁੱਧ ਹਿੰਸਾ ਦੇ ਡਰ ਤੋਂ ਬਿਨਾਂ ਸ਼ਾਂਤਮਈ ਪ੍ਰਦਰਸ਼ਨਾਂ ਦੀ ਆਗਿਆ ਦੇਣੀ ਚਾਹੀਦੀ ਹੈ।” ਮਹੱਤਵਪੂਰਣ ਗੱਲ ਇਹ ਹੈ ਕਿ 26 ਨਵੰਬਰ ਤੋਂ ਪੰਜਾਬ, ਹਰਿਆਣਾ ਅਤੇ ਕੁੱਝ ਹੋਰ ਰਾਜਾਂ ਦੇ ਹਜ਼ਾਰਾਂ ਕਿਸਾਨ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਵੱਖ ਵੱਖ ਹੱਦਾਂ ’ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਡੈਮੋਕਰੇਟ ਦੇ ਸੰਸਦ ਮੈਂਬਰ ਜੋਸ਼ ਹਾਰਡਰ ਨੇ ਕਿਹਾ, “ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇਸ ਨੂੰ ਆਪਣੇ ਨਾਗਰਿਕਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਆਗਿਆ ਦੇਣੀ ਚਾਹੀਦੀ ਹੈ। ਮੈਂ ਇਨ੍ਹਾਂ ਕਿਸਾਨਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਰਥਕ ਗੱਲਬਾਤ ਦੀ ਅਪੀਲ ਕਰਦਾ ਹਾਂ।” ਸੰਸਦ ਮੈਂਬਰ ਟੀ ਜੇ ਕੌਕਸ ਨੇ ਕਿਹਾ ਕਿ ਭਾਰਤ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਸੰਸਦ ਮੈਂਬਰ ਐਂਡੀ ਲੇਵੀ ਨੇ ਕਿਹਾ ਕਿ ਉਹ ਭਾਰਤ ਵਿੱਚ ਕਿਸਾਨ ਅੰਦੋਲਨ ਤੋਂ ਪ੍ਰੇਰਿਤ ਸਨ। ਉਨ੍ਹਾਂ ਕਿਹਾ, “ਮੈਂ ਇਸ ਨੂੰ 2021 ਵਿੱਚ ਲੋਕਾਂ ਦੀ ਤਾਕਤ ਦੇ ਉਭਾਰ ਵਜੋਂ ਵੇਖਦਾ ਹਾਂ।” ਅਮਰੀਕਾ ਦੇ ਮੁੱਖ ਧਾਰਾ ਮੀਡੀਆ ਨੇ ਵੀ ਭਾਰਤ ਵਿੱਚ ਕਿਸਾਨੀ ਅੰਦੋਲਨ ਨੂੰ ਜਗ੍ਹਾ ਦਿੱਤੀ ਹੈ।
ਇਹ ਵੀ ਦੇਖੋ : ਕਿਸਾਨੀ ਅੰਦੋਲਨ ‘ਚ ਪਹੁੰਚੇ ਭਾਈ ਪਿੰਦਰਪਾਲ ਜੀ ਦੇ ਇਹ ਬੋਲ ਜ਼ਰੂਰ ਸੁਣਿਓ