ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ । ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ।
ਦਰਅਸਲ, ਇੱਕ ਮਾਮਲਾ ਅਮਰੀਕਾ ਦੇ ਨਿਊਯਾਰਕ ਤੋਂ ਸਾਹਮਣੇ ਆਇਆ ਹੈ, ਜਿੱਥੇ ਹਰਲੇਮ ਵਿਖੇ ਹੋਈ ਇੱਕ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਪੰਜਾਬੀ ਮੂਲ ਦੇ ਨੌਜਵਾਨ ਦੀ ਮੌਤ ਹੋ ਗਈ। ਇਸ ਗੋਲੀਬਾਰੀ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਕੁਲਦੀਪ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਭੈਣ ਦੱਸਿਆ ਕਿ ਉਸ ਦੇ ਮਾਤਾ-ਪਿਤਾ ਪਿਛਲੇ 10 ਸਾਲਾਂ ਤੋਂ ਅਮਰੀਕਾ ਵਿੱਚ ਰਹਿ ਰਹੇ ਹਨ। ਉਹ ਤਿੰਨ ਭੈਣ-ਭਰਾ ਹਨ ਤੇ ਕੁਲਦੀਪ ਉਨ੍ਹਾਂ ਵਿੱਚ ਸਭ ਤੋਂ ਛੋਟਾ ਸੀ । ਉਨ੍ਹਾਂ ਦੱਸਿਆ ਕਿ ਕੁਲਦੀਪ ਢਾਈ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਅਮਰੀਕਾ ਵਿੱਚ ਕੈਬ ਚਲਾਉਂਦਾ ਸੀ। ਸ਼ਨੀਵਾਰ ਨੂੰ ਜਦੋਂ ਕੁਲਦੀਪ ਕੈਬ ਲੈ ਕੇ ਨਿਊਯਾਰਕ ਦੇ ਹਰਲੇਮ ਵਿੱਚੋਂ ਲੰਘ ਰਿਹਾ ਸੀ ਤਾਂ ਅਚਾਨਕ ਦੋ ਲੋਕਾਂ ਦੇ ਝਗੜੇ ਦੌਰਾਨ ਚਲਾਈ ਗਈ ਗੋਲੀ ਕੁਲਦੀਪ ਦੇ ਸਿਰ ਦੇ ਪਿਛਲੇ ਹਿੱਸੇ ਵਿੱਚ ਲੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਜਿਸ ਤੋਂ ਬਾਅਦ ਇਲਾਜ ਦੌਰਾਨ ਉਸਦੀ ਹਸਪਤਾਲ ਵਿੱਚ ਮੌਤ ਹੋ ਗਈ।