ਜੇਲ੍ਹ ‘ਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਵੀ ਚੰਡੀਗੜ੍ਹ ਜ਼ਿਲਾ ਅਦਾਲਤ ‘ਚ ਇਕ ਹੋਰ ਮਾਮਲੇ ‘ਚੋਂ ਬਰੀ ਕਰ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿੱਚ ਵੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਵੱਲੋਂ ਨਾਮਜ਼ਦ ਗਵਾਹ ਦੀ ਮੌਤ ਹੋ ਗਈ ਹੈ। ਇਸ ਕਾਰਨ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਹਵਾਰਾ ਖ਼ਿਲਾਫ਼ 2005 ਵਿੱਚ ਚੰਡੀਗੜ੍ਹ ਦੇ ਸੈਕਟਰ-17 ਵਿੱਚ ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਹਵਾਰਾ ਇਸ ਸਮੇਂ ਸਾਬਕਾ ਮੁੱਖ ਮੰਤਰੀ ਦੇ ਕਤਲ ਕੇਸ ਵਿੱਚ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਪੁਲਿਸ ਨੇ 11 ਜੁਲਾਈ 2005 ਨੂੰ ਉਸਦੇ ਸਾਥੀ ਸਮੀਰ ਮੱਲ੍ਹਾ ਉਰਫ ਟੋਨੀ ਸਣੇ ਗ੍ਰਿਫਤਾਰ ਕੀਤਾ ਸੀ। ਪੁਲਿਸ ਮੁਤਾਬਕ ਗ੍ਰਿਫ਼ਤਾਰੀ ਸਮੇਂ ਦੋਵਾਂ ਕੋਲੋਂ ਆਰਡੀਐਕਸ ਬਰਾਮਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਮੁਲਜ਼ਮ ਸਮੀਰ, ਜੋਗਦਾਸ ਉਰਫ ਜੋਗਾ ਅਤੇ ਜੋਗਿੰਦਰ ਸਿੰਘ ਨੂੰ ਪਹਿਲਾਂ ਹੀ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋਸ਼ੀ ਜਗਤਾਰ ਸਿੰਘ ਹਵਾਰਾ ‘ਤੇ ਸੀਆਰਪੀਸੀ ਦੀ ਧਾਰਾ 268 ਲਗਾਈ ਗਈ ਸੀ। ਇਸ ਤਹਿਤ ਉਸ ਨੂੰ ਜੇਲ੍ਹ ਤੋਂ ਬਾਹਰ ਲਿਜਾਣ ਅਤੇ ਅਦਾਲਤ ਵਿੱਚ ਪੇਸ਼ ਕਰਨ ’ਤੇ ਪਾਬੰਦੀ ਹੈ।
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪਹਿਲਾਂ ਹੀ ਇੱਕ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਚੁੱਕੀ ਹੈ। 22 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਉਸ ਨੂੰ ਸੈਕਟਰ-36 ਵਿੱਚ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਸੀ। ਪੁਲਿਸ ਨੇ ਉਸ ਦੇ ਦੋ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਕਿਸਾਨ ਭਵਨ ਚੌਕ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਆਰਡੀਐਕਸ ਮੁਹੱਈਆ ਕਰਵਾਉਣ ਦੇ ਦੋਸ਼ ਲੱਗੇ ਸਨ ਪਰ ਪੁਲਿਸ ਇਸ ਮਾਮਲੇ ‘ਚ ਗਵਾਹ ਅਤੇ ਸਬੂਤ ਪੇਸ਼ ਨਹੀਂ ਕਰ ਸਕੀ। ਇਸ ਲਈ ਅਦਾਲਤ ਵੱਲੋਂ ਉਸ ਨੂੰ ਬਰੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਮਹਿੰਗਾ ਹੋਵੇਗਾ ਹੋਮ ਤੇ ਵਾਹਨ ਲੋਨ, ਦੇਣੀ ਪਵੇਗੀ 0.25 ਫੀਸਦੀ ਰਜਿਸਟ੍ਰੇਸ਼ਨ ਫੀਸ
ਦੱਸ ਦੇਈਏ ਕਿ ਮੋਹਾਲੀ ਵਿੱਚ ਕੌਮੀ ਇਨਸਾਫ਼ ਮੋਰਚਾ ਪਿਛਲੇ 10 ਮਹੀਨਿਆਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਵਾਈਪੀਐਸ ਚੌਕ ਵਿੱਚ ਧਰਨਾ ਦੇ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਮੁੱਖ ਤੌਰ ‘ਤੇ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਵੀ ਸ਼ਾਮਲ ਹੈ। ਇਸ ਰੋਸ ਧਰਨੇ ਨੂੰ ਲੈ ਕੇ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੇ ਸਿੱਖ, ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ : –