Jalandhar Curfew relaxation : ਪੂਰੇ ਪੰਜਾਬ ਵਿਚ ਲੌਕਡਾਊਨ ਚੱਲ ਰਿਹਾ ਹੈ। ਲੌਕਡਾਊਨ ਕਾਰਨ ਲੋਕਾਂ ਨੂੰ ਜ਼ਰੂਰੀ ਚੀਜਾਂ ਦੀ ਸਪਲਾਈ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੈੱਡ ਜੋਨ ਖੇਤਰਾਂ ਤੋਂ ਇਲਾਵਾ ਪੰਜਾਬ ਦੇ ਕਈ ਜਿਲ੍ਹਿਆਂ ਵਿਚ ਥੋੜ੍ਹੀ ਬਹੁਤ ਛੋਟ ਦੇ ਦਿੱਤੀ ਗਈ ਹੈ ਤਾਂ ਜੋ ਲੋਕਾਂ ਦੀ ਪ੍ਰੇਸ਼ਾਨੀ ਨੂੰ ਘੱਟ ਕੀਤਾ ਜਾ ਸਕੇ। ਪਰ ਅੱਜ ਜਿਲ੍ਹਾ ਜਲੰਧਰ ਵਿਖੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਿਲ੍ਹੇ ਦੇ ਰੈੱਡ ਜੋਨ ਖੇਤਰਾਂ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣ ਵਿਚ ਛੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿਚ ਹੁਣ ਦੁਕਾਨਦਾਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਜਿਵੇਂ ਕਰਿਆਨੇ ਆਦਿ ਸਵੇਰੇ 7 ਵਜੇ ਤੋਂ 3 ਵਜੇ ਤਕ ਖੋਲ੍ਹ ਸਕਣਗੇ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਇਲੈਕਟ੍ਰੋਨਿਕ ਦੀਆਂ ਦੁਕਾਨਾਂ ਨੂੰ ਵੀ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ ਤੇ ਨਾਲ ਹੀ ਡੇਅਰੀ ਪ੍ਰੋਡਕਟ ਤੇ ਦੁੱਧ ਵੇਚਣ ਵਾਲੇ ਦੁਕਾਨਦਾਰ ਵੀ ਇਸ ਛੋਟ ਅਧੀਨ ਦੁਕਾਨਾਂ ਖੋਲ੍ਹ ਸਕਦੇ ਹਨ। ਨਾਲ ਹੀ ਵਿਦਿਆਰਥੀਆਂ ਦੀ ਹੋ ਰਹੀ ਪੜ੍ਹਾਈ ਦੇ ਨੁਕਸਾਨ ਨੂੰ ਦੇਖਦੇ ਹੋਏ ਡੀ. ਸੀ. ਨੇ ਕਿਤਾਬਾਂ ਤੇ ਸਟੇਸ਼ਨਰੀ ਦੀਆਂ ਦੁਕਾਨਾਂ ਖੋਲ੍ਹਣ ਦੇ ਵੀ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਲਗਭਗ ਹਰੇਕ ਚੀਜ਼ ਦੀ ਆਨਲਾਈਨ ਡਲਿਵਰੀ ਤਾਂ ਹੋ ਹੀ ਰਹੀ ਹੈ। ਇਸ ਲਈ ਵਿਦਿਆਰਥੀਆਂ ਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਨਲਾਈਨ ਡਲਿਵਰੀ ਨੂੰ ਪਹਿਲ ਦੇਣ ਤੇ ਜੇਕਰ ਕੋਈ ਚੀਜ਼ ਉਨ੍ਹਾਂ ਨੂੰ ਆਨਲਾਈਨ ਉਪਲਬਧ ਨਹੀਂ ਹੁੰਦੀ ਤਾਂ ਹੀ ਘਰ ਤੋਂ ਬਾਹਰ ਨਿਕਲਣ ਤੇ ਘਰੋਂ ਬਾਹਰ ਨਿਕਲਦੇ ਸਮੇਂ ਸੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਰੱਖਿਆ ਜਾਵੇ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਭਾਵੇਂ ਰੈੱਡ ਜੋਨ ਖੇਤਰ ਵਿਚ ਸਵੇਰੇ 7 ਤੋਂ 3 ਵਜੇ ਤਕ ਖੁੱਲ੍ਹ ਦਿੱਤੀ ਗਈ ਹੈ ਪਰ ਨਾਲ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੁਕਾਨਦਾਰ ਵਲੋਂ ਇਸ ਛੋਟ ਦਾ ਗਲਤ ਫਾਇਦਾ ਚੁੱਕਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਿਰੁੱਧ ਚੱਲ ਰਹੀ ਲੜਾਈ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਕੋਰੋਨਾ ਵਾਇਰਸ ਦੇ ਵਧਦੇ ਲਾਗ ਨੂੰ ਕੰਟਰੋਲ ਕੀਤਾ ਜਾ ਸਕੇ।