ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ‘ਤੇ ਸ਼ਨੀਵਾਰ ਨੂੰ ਲੱਖਾਂ ਸੰਗਤਾਂ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਸ਼ਰਧਾ ਨਾਲ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ।
ਖਾਲਸਾ ਪੰਥ ਦੇ 325ਵੇਂ ਸਾਜਨਾ ਦਿਵਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ਼ਨੀਵਾਰ ਸਵੇਰੇ ਹੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ। ਸਵੇਰੇ ਸ੍ਰੀ ਪਾਲਕੀ ਸਾਹਿਬ ਦੇ ਬਿਰਾਜਮਾਨ ਹੋਣ ਵੇਲੇ ਹੀ ਸੰਗਤਾਂ ਦੀਆਂ ਕਤਾਰਾਂ ਲੱਗ ਗਈਆਂ। ਜਲਦੀ ਹੀ ਭੀੜ ਵਧ ਗਈ ਅਤੇ ਸਤਨਾਮ ਵਾਹਿਗੁਰੂ ਦਾ ਜਾਪ ਜਾਰੀ ਰਿਹਾ।
ਸ਼ਨੀਵਾਰ ਨੂੰ ਹਜ਼ਾਰਾਂ ਸ਼ਰਧਾਲੂਆਂ ਨੇ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਵਾਹਿਗੁਰੂ ਤੋਂ ਆਸ਼ੀਰਵਾਦ ਲਿਆ। ਲੋਕ ਇਸ਼ਨਾਨ ਕਰਨ ਲਈ ਆਪਣੇ ਬੱਚਿਆਂ ਨੂੰ ਲੈ ਕੇ ਦੁਖਭੰਜਨੀ ਬੇਰੀ ਪਹੁੰਚੇ। ਮੰਨਿਆ ਜਾਂਦਾ ਹੈ ਕਿ ਇਸ ਸਥਾਨ ‘ਤੇ ਇਸ਼ਨਾਨ ਕਰਨ ਨਾਲ ਬਿਮਾਰੀਆਂ ਦੂਰ ਹੁੰਦੀਆਂ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਬੈਠ ਕੇ ਪੰਜ ਮਿੰਟ ਤੱਕ ਮੂਲ ਮੰਤਰ ਦਾ ਜਾਪ ਕੀਤਾ। ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਮੂਲ ਮੰਤਰ ਦਾ ਉਚਾਰਨ ਕੀਤਾ ਗਿਆ।
ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਮੁੱਚੇ ਸਿੱਖ ਪੰਥ ਨੂੰ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਇਕੱਠੇ ਹੋਣ ਦੀ ਲੋੜ ਹੈ। ਜੇਕਰ ਸਿੱਖ ਇਕੱਠੇ ਨਾ ਹੋਏ ਤਾਂ ਸਰਕਾਰਾਂ ਉਨ੍ਹਾਂ ‘ਤੇ ਇਸੇ ਤਰ੍ਹਾਂ ਜ਼ੁਲਮ ਕਰਦੀਆਂ ਰਹਿਣਗੀਆਂ। ਉਨ੍ਹਾਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ : ਬਸਪਾ ਨੇ ਜਲੰਧਰ ਤੋਂ ਐਲਾਨਿਆ ਉਮੀਦਾਵਰ, ਐਡਵੋਕੇਟ ਬਲਵਿੰਦਰ ਕੁਮਾਰ ਨੂੰ ਉਤਾਰਿਆ ਚੋਣ ਮੈਦਾਨ ‘ਚ
ਵਿਸਾਖੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਖ਼ਾਲਸਾਈ ਝੰਡਾ ਲਹਿਰਾਇਆ ਗਿਆ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰ ਸਿੱਖ ਨੂੰ ਆਪਣੇ ਘਰ ‘ਤੇ ਖਾਲਸਾਈ ਨਿਸ਼ਾਨ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: