10 government school teachers : ਕੋਰੋਨਾ ਦਾ ਪ੍ਰਕੋਪ ਪੰਜਾਬ ਵਿਚ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਬਠਿੰਡਾ ਦੇ ਮਾਲ ਰੋਡ ’ਤੇ ਸਥਿਤ ਕੁੜੀਆਂ ਦੇ ਸਰਕਾਰੀ ਸਕੂਲ ਦੀਆਂ 10 ਅਧਿਆਪਕਾਂ ਦੀ ਰਿਪੋਰਟ ਸ਼ਨੀਵਾਰ ਨੂੰ ਕੋਰੋਨਾ ਪਾਜ਼ੀਟਿਵ ਆਈ ਹੈ। ਇਨ੍ਹਾਂ ਅਧਿਆਪਕਾਂ ਦਾ ਟੈਸਟ 25 ਫਰਵਰੀ ਨੂੰ ਕੀਤਾ ਗਿਆ ਸੀ। ਸ਼ਨੀਵਾਰ ਨੂੰ ਇਨ੍ਹਾਂ ਦੇ ਕੋਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਸਰਕਾਰੀ ਸਕੂਲ ਦੀਆਂ 10 ਅਧਿਆਪਕਾਂ ਦਾ ਕੋਰੋਨਾ ਟੈਸਟ 25 ਫਰਵਰੀ ਨੂੰ ਹੋਇਆ ਸੀ। ਸਾਰਿਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਕੂਲ ਪੂਰੀ ਤਰ੍ਹਾਂ ਸੈਨੇਟਾਈਜ਼ ਕੀਤਾ ਜਾਵੇਗਾ। ਸਕੂਲ ਦੋ ਦਿਨਾਂ ਦੀ ਛੁੱਟੀ ਤੋਂ ਬਾਅਦ ਸੋਮਵਾਰ ਨੂੰ ਸੈਨੇਟਾਈਜ਼ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਹੁਕਮ ਹੋਣਗੇ, ਜਿਸ ਅਨੁਸਾਰ ਸਕੂਲ ਖੋਲ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਜ਼ੀਟਿਵ 10 ਅਧਿਆਪਕਾਂ ਨੂੰ 17 ਦਿਨਾਂ ਲਈ ਆਈਸੋਲੇਸ਼ਨ ਵਿੱਚ ਭੇਜਿਆ ਜਾਵੇਗਾ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਿੰਡ ਕਟਾਰ ਸਿੰਘ ਵਾਲਾ ਦੇ ਸਰਕਾਰੀ ਸਕੂਲ ਵਿੱਚ ਤਿੰਨ ਅਧਿਆਪਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਸਕੂਲ ਦੋ ਦਿਨਾਂ ਲਈ ਬੰਦ ਰਿਹਾ ਅਤੇ ਸਮੁੱਚੇ ਸਕੂਲ ਸਟਾਫ ਦੀ ਜਾਂਚ ਕੀਤੀ ਗਈ। ਸਕੂਲਾਂ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਕਰਕੇ ਮਾਪਿਆਂ ਦੇ ਮਨ ਵਿੱਚ ਵੀ ਡਰ ਵਧਣ ਲੱਗਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਨੂੰ ਪਹਿਲਾਂ ਸਕੂਲਾਂ ਵਿੱਚ ਪੂਰੇ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਬੱਚਿਆਂ ਅਤੇ ਸਕੂਲ ਸਟਾਫ ਤੱਕ ਕੋਰੋਨਾ ਨਾ ਪਹੁੰਚ ਸਕੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੀਟਿਵ ਪਾਈਆਂ ਜਾ ਚੁੱਕੀਆਂ ਹਨ, ਜਿਸ ਦੇ ਚੱਲਦਿਆਂ ਮਾਪਿਆਂ ਦੇ ਮਨਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਹੈ।