116 cases of Corona : ਪੰਜਾਬ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜਲੰਧਰ ਵਿਚ ਤਾਂ ਇਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਹੀ ਜਾ ਰਿਹਾ ਹੈ। ਅੱਜ ਜਲੰਧਰ ਵਿਚ ਜਿਥੇ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ 116 ਲੋਕਾਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2825 ਹੋ ਗਈ ਹੈ, ਉਥੇ ਹੀ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ 72 ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ 52 ਸਾਲਾ ਵਿਅਕਤੀ ਨੇ ਗੰਭੀਰ ਹਾਲਤ ਦੇ ਚੱਲਦਿਆਂ ਹਸਪਤਾਲ ਵਿਚ ਦਮ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿਚ ਕੋਰੋਨਾ ਨੂੰ ਮਾਤ ਦੇ ਕੇ 1905 ਲੋਕ ਘਰਾਂ ਨੂੰ ਪਰਤ ਚੁੱਕੇ ਹਨ।
ਬੀਤੇ ਦਿਨ ਵੀ 36 ਮਰੀਜ਼ਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ/ ਕੋਵਿਡ ਸੈਂਟਰ ਤੋਂ ਛੁੱਟੀ ਦੇ ਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਉਥੇ ਹੀ ਬੁੱਧਵਾਰ ਨੂੰ 800 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਸੀ। ਸਿਹਤ ਵਿਭਾਗ ਵੱਲੋਂ ਅਜੇ 948 ਹੋਰ ਲੋਕਾਂ ਦੇ ਸੈਂਪਲ ਲੈ ਕੇ ਜਾਂਚ ਲਈ ਫਰੀਦਕੋਟ ਮੈਡੀਕਲ ਕਾਲਜ ਵਿਚ ਭੇਜੇ ਗਏ ਹਨ। ਦੱਸ ਦੇਈਏ ਕਿ ਹੁਣ ਤੱਕ ਜ਼ਿਲ੍ਹੇ ਵਿਚੋਂ 47119 ਲੋਕਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 43261 ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਮੇਂ ਜ਼ਿਲ੍ਹੇ ਵਿਚ ਕੋਰੋਨਾ ਦੇ 733 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।