13 more Corona patients : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਰੂਪਨਗਰ ਤੇ ਸੰਗਰੂਰ ’ਚੋਂ 13 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ ਰੂਪਨਗਰ ਤੋਂ 9 ਤੇ ਸੰਗਰੂਰ ’ਚ 4 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਰੂਪਨਗਰ ’ਚ ਮਿਲੇ ਕੋਰੋਨਾ ਪਾਜ਼ੀਟਿਵ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂ ਹਨ। ਇਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕਾਂਤਵਾਸ ਕੀਤਾ ਗਿਆ ਹੈ ਅਤੇ ਛੇਤੀ ਹੀ ਇਨ੍ਹਾਂ ਸ਼ਰਧਾਲੂਆਂ ਨੂੰ ਮੋਹਾਲੀ ਦੇ ਗਿਆਨ ਸਾਗਰ ਮੈਡੀਕਲ ਵਿਚ ਸ਼ਿਫਟ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਰੂਪਨਗਰ ਵਿਚ ਨਵੇਂ ਕੋਰੋਨਾ ਕੇਸ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲੇ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵੱਧ ਕੇ 15 ਹੋ ਚੁੱਕੀ ਹੈ। ਇਸ ਦੀ ਜਾਣਕਾਰੀ ਜ਼ਿਲਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ ਜ਼ਿਲਾ ਰੂਪਨਗਰ ਵਿਚ ਸ੍ਰੀ ਹਜ਼ੂਰ ਸਾਹਿਬ ਤੋਂ 60 ਸ਼ਰਧਾਲੂ ਆਏ ਸਨ, ਜਿਨ੍ਹਾਂ ਵਿਚੋਂ 11 ਦੀ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਇਨ੍ਹਾਂ ਵਿਚ ਇਕ ਨੰਗਲ ਦਾ, ਇਕ ਚਮਕੌਰ ਸਾਹਿਬ ਦਾ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਕੇਸ ਸ਼ਾਮਲ ਹਨ। ਟੈਸਟ ਲਈ ਭੇਜੇ ਗਏ 42 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 7 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਉਧਰ ਸੰਗਰੂਰ ਜ਼ਿਲੇ ਵਿਚ ਕੋਰੋਨਾ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ਨੀਵਾਰ ਦੇਰ ਰਾਤ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਵਿਚ 4 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਚਾਰੇ ਕੋਵਿਡ-19 ਮਰੀਜ਼ਾਂ ਵਿਚ ਇਕ ਵਿਅਕਤੀ ਬਰੜਵਾਲ ਅਤੇ ਤਿੰਨ ਵਿਅਕਤੀ ਅਮੀਰ ਨਗਰ ਦੁਲਮਾ ਨਾਲ ਸਬੰਧਤ ਹੈ। ਹੁਣ ਤੱਕ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 11 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ ਤਿੰਨ ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।