14 Corona Cases in a day : ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੇ ਪ੍ਰਸ਼ਾਸਨ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ। ਅੱਜ ਸਵੇਰੇ ਕੋਰੋਨਾ ਵਾਇਰਸ ਦੇ 5 ਮਰੀਜ਼ ਸਾਹਮਣੇ ਆਏ ਸਨ ਤੇ ਹੁਣ ਕੋਰੋਨਾ ਵਾਇਰਸ ਦੇ 8 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿਚੋਂ ਪੰਜ ਮਾਮਲੇ ਬਾਪੂਧਾਮ ਕਾਲੋਨੀ ਨਾਲ ਹੀ ਸਬੰਧਤ ਹਨ। ਇਨ੍ਹਾਂ ਵਿਚ ਇਕ ਔਰਤ ਅਤੇ 3 ਮਰਦ ਸ਼ਾਮਲ ਹਨ, ਜਦੋਂਕਿ ਇਕ 6 ਸਾਲਾ ਬੱਚੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਸਿਰਫ ਬਾਪੂਧਾਮ ਕਾਲੋਨੀ ਵਿਚ ਕੁਲ ਪਾਜ਼ੀਟਿਵ ਮਰੀਜ਼ 76 ਹੋ ਗਏ ਹਨ, ਜਦੋਂਕਿ ਪੂਰੇ ਚੰਡੀਗੜ੍ਹ ਵਿਚ ਕੁਲ ਪੀੜਤਾਂ ਦੀ ਗਿਣਤੀ 138 ਹੋ ਗਈ ਹੈ।
ਜ਼ਿਕਰਯੋਗ ਹੈ ਕਿ ਬਾਪੂਧਾਮ ’ਚ ਬੁੱਧਵਾਰ ਨੂੰ ਆਏ ਚਾਰ ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ 25 ਲੋਕਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਇਨ੍ਹਾਂ ਦੇ ਪਰਿਵਾਰ ਦੇ 9 ਲੋਕਾਂ ਤੋਂ ਇਲਾਵਾ ਕਮਿਊਨਿਟੀ ਕਾਂਟੈਕਟ ਵਿਚ ਆਏ 16 ਲੋਕਾਂ ਨੂੰ ਵੀ ਹੋਮ ਕੁਆਰੰਟਾਈਨ ਕੀਤਾ ਗਿਆ ਹੈ। ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਨੇ ਦੇਰ ਸ਼ਾਮ ਇਨ੍ਹਾਂ ਦੇ ਪਰਿਵਾਰ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੀ ਕੁਆਰੰਟਾਈਨ ਕੀਤਾ, ਜੋਕਿ ਇਨ੍ਹਾਂ ਚਾਰੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 1500 ਦਾ ਅੰਕੜਾ ਪਾਰ ਕਰ ਗਿਆ ਹੈ, ਜਦਕਿ ਇਸ ਵਾਇਰਸ ਨਾਲ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਦੇ 37,77,485 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤੱਕ ਪੂਰੀ ਦੁਨੀਆ ਵਿਚ 2,61,199 ਮੌਤਾਂ ਹੋ ਚੁੱਕੀਆਂ ਹਨ। ਭਾਰਤ ਵਿਚ ਵੀ ਇਸ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਤੱਕ ਲਗਭਗ 50 ਹਜ਼ਾਰ ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ, ਜਦਕਿ ਦੇਸ਼ ਵਿਚ 1695 ਤੋਂ ਵੱਧ ਮੌਤਾਂ ਇਸ ਵਾਇਰਸ ਨਾਲ ਹੋ ਚੁੱਕੀਆਂ ਹਨ।