15 more farmers granted bail : ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕੋਸ਼ਿਸ਼ਾਂ ਸਦਕਾ 26 ਜਨਵਰੀ ਦੀ ਹਿੰਸਾ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ 15 ਹੋਰ ਲੋਕਾਂ ਨੂੰ ਜ਼ਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਜਾਣਕਾਰੀ ਡੀਐਸਜੀਐਮਸੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ। ਦੱਸਣਯੋਗ ਹੈ ਕਿ ਡੀਐਮਜੀਸੀ ਹੁਣ ਤੱਕ ਕੁੱਲ 105 ਲੋਕਾਂ ਦੀਆਂ ਜ਼ਮਾਨਤਾਂ ਕਰਵਾ ਚੁੱਕੀ ਹੈ ਜਿਨ੍ਹਾਂ ਵਿੱਚੋਂ 84 ਲੋਕ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ।
ਇਨ੍ਹਾਂ ਵਿੱਚ ਰਣਜੀਤ ਸਿੰਘ, ਜਗਦੀਸ਼ ਸਿੰਘ, ਭਾਗ ਸਿੰਘ, ਨਵਨੀਤ ਸਿੰਘ, ਬਲਦੀਪ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਗਦੀਪ ਸਿੰਘ, ਜਸਵੰਤ ਸਿੰਘ, ਰਮਨਦੀਪ ਸਿੰਘ ਤੇ ਸ਼ਮਸ਼ੇਰ ਸਿੰਘ ਸ਼ਾਮਲ ਹਨ। ਇਹ ਲੋਕ ਨਾਂਗਲੋਈ ਪੁਲਿਸ ਥਾਣੇ ਵਿਚ ਦਰਜ ਮਾਮਲੇ ਤਹਿਤ ਗ੍ਰਿਫਤਾਰ ਕੀਤੇ ਗਏ ਸਨ। ਉਥੇ ਹੀ ਨਜਫਗੜ ਪੁਲਿਸ ਥਾਣੇ ਵਿਚ ਦਰਜ ਕੇਸ ਵਿਚ ਦਯਾ ਕਿਸ਼ਨ ਅਨਿਲ ਕੁਮਾਰ ਪੁੱਤਰ ਧਰਮਪਾਲ ਤੇ ਜਗਬੀਰ ਸਿੰਘ ਦੀ ਜ਼ਮਾਨਤ ਮਨਜ਼ੂਰ ਹੋ ਗਈ। ਇਹ ਸਾਰੇ ਲੋਕ ਤਿਹਾੜ ਜਲ੍ਹ ਵਿੱਚ ਬੰਦ ਸਨ।
ਦੱਸ ਦੇਈਏ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਵਾਲੇ ਦਿਨ 26 ਜਨਵਰੀ ਨੂੰ ਹੋਣ ਵਾਲੀ ਹਿੰਸਾ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ‘ਤੇ 307 ਵਰਗੀਆਂ ਗੰਭੀਰ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਇਨ੍ਹਾਂ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀਆਂ ਕੋਸ਼ਿਸ਼ਾਂ ਕਰਦੀ ਰਹੀ ਹੈ। 150 ਤੋਂ ਵੱਧ ਲੋਕ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀ ਮੁਹਿੰਮ ‘ਚ ਲੱਗੇ ਹੋਏ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਇਸ ‘ਚ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਹੋਰਨਾਂ ਕਿਸਾਨਾਂ ਨੂੰ ਵੀ ਰਿਹਾਅ ਕਰਵਾ ਦਿੱਤਾ ਜਾਵੇਗਾ।