ਚੰਡੀਗੜ੍ਹ : ਪੰਜਾਬ ਵਿੱਚ ਬਿਜਲੀ ਚੋਰੀ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੈ। ਅਜਿਹੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਲੈ ਕੇ ਪਾਵਰਕਾਮ ਸਖਤ ਹੋ ਗਿਆ ਹੈ ਤੇ ਪਾਵਰਕਾਮ ਦੇ ਐਨਫੋਰਸਮੈਂਟ ਵਿੰਗ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਉੱਤਰੀ ਜ਼ੋਨ, ਜਿਸ ਵਿੱਚ ਦੋਆਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਪਿਛਲੇ ਪੰਜਾਂ ਸਾਲਾਂ ’ਚ 4015 ਬਿਜਲੀ ਚੋਰੀ ਦੇ ਕੇਸ ਦਰਜ ਹੋ ਚੁੱਕੇ ਹਨ। ਪਾਵਰਕਾਮ ਦੇ ਸੂਤਰਾਂ ਮੁਤਾਬਕ ਹਰ ਸਾਲ 1500 ਕਰੋੜ ਦੀ ਬਿਜਲੀ ਚੋਰੀ ਹੁੰਦੀ ਹੈ। ਇਸ ਨੂੰ ਰੋਕਣ ਲਈ ਵਿਭਾਗ ਵੱਲੋਂ ਸਖਤੀ ਵਰਤਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਪਾਵਰਕਾਮ ਨੇ ਡਿਫਾਲਟਰਾਂ ਵਿਰੁੱਧ ਕਾਰਵਾਈ ਕਰਨ ਲਈ ਐਕਸੀਅਨ, ਐਸਡੀਓ, ਜੇਈ ਤੇ ਲਾਈਨਮੈਨ ਵਾਲੀ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਡਿਫਾਲਟਰਾਂ ਵਿਰੁੱਧ ਕੀਤੀ ਜਾਣ ਵਾਲੀ ਕਾਰਵਾਈ ’ਤੇ ਰੋਜ਼ਾਨਾ ਪ੍ਰਗਤੀ ਰਿਪੋਰਟ ਦੀ ਨਜ਼ਰਸਾਨੀ ਹੋਵੇਗੀ।
ਪਾਵਰਕਾਮ ਦੇ ਡਿਪਟੀ ਚੀਫ ਇੰਜਨੀਅਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਜਿਹੜੇ ਸਰਕਾਰੀ ਅਦਾਰੇ ਬਿਜਲੀ ਦਾ ਬਿੱਲ ਸਮੇਂ ਸਿਰ ਨਹੀਂ ਭਰ ਰਹੇ ਤੇ ਡਿਫਾਲਟਰ ਹੋ ਚੁੱਕੇ ਹਨ, ਉਨ੍ਹਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਉਪਭੋਗਤਾਵਾਂ ਤੇ ਸਰਕਾਰੀ ਵਿਭਾਗਾਂ ਵੱਲ ਪਾਵਰਕੌਮ ਦੇ 150 ਕਰੋੜ ਰੁਪਏ ਬਕਾਇਆ ਹਨ। ਜਿਹੜੇ ਡਿਫਾਲਟਰਾਂ ਨੇ ਨੋਟਿਸ ਭੇਜਣ ਦੇ ਬਾਵਜੂਦ ਬਿੱਲ ਜਮ੍ਹਾ ਨਹੀਂ ਕਰਵਾਏ, ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: