2 More corona Positive patients : ਕੋਰੋਨਾ ਵਾਇਰਸ ਨੇ ਪੂਰੇ ਦੇਸ਼ ਵਿਚ ਤੜਥੱਲੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਇਸ ਨੇ ਪੰਜਾਬ ਨੂੰ ਵੀ ਪੂਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਹੈ। ਅੰਮ੍ਰਿਤਸਰ ਜ਼ਿਲੇ ਵਿਚ ਬਾਬਾ ਬਕਾਲਾ ਸਾਹਿਬ ਦੇ ਨਾਲ ਲੱਗਦੇ ਪਿੰਡਾਂ ਵਿਚ ਕੁਝ ਦਿਨਾਂ ਤੋਂ ਕੋਈ ਪਾਜ਼ੀਟਿਵ ਮਰੀਜ਼ ਸਾਹਮਣੇ ਨਹੀਂ ਆਇਆ ਸੀ, ਜਿਸ ’ਤੇ ਇਲਾਕੇ ਦੇ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਸੀ ਪਰ ਬੀਤੇ ਕੱਲ ਫਿਰ ਇਥੋਂ ਦੋ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਇਲਾਕੇ ਵਿਚ ਮੁੜ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਥਾਣਾ ਖਿਲਚੀਆਂ ਦੇ ਪਿੰਡ ਬਾਣੀਆਂ ਵਿਚ ਇਕ ਵਿਅਕਤੀ ਅਤੇ ਕਸਬਾ ਬੁਤਾਲਾ ਵਿਚ ਇਕ ਔਰਤ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਸੂਚਨਾ ਮਿਲੀ ਹੈ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਰਕੇ ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ 32 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਠਾਨ ਸਵਾਮੀ ਨਾਂ ਦਾ ਇਸ ਨੌਜਵਾਨ ਦੀ ਹਾਲਤ ਕਾਫੀ ਗੰਭੀਰ ਸੀ, ਜਿਸ ਦੇ ਚੱਲਦਿਆਂ ਉਸ ਨੂੰ ਪਿਛਲੇ 48 ਘੰਟਿਆਂ ਤੋਂ ਵੈਂਟੀਲੇਟਰ ’ਤੇ ਰਕਿਆ ਗਿਆ ਸੀ। ਡਾਕਟਰਾਂ ਮੁਤਾਬਕ ਮਰੀਜ਼ ਐਆਈਵੀ ਪਾਜ਼ੀਟਿਵ ਤੋਂ ਇਲਾਵਾ ਟੀਬੀ ਤੋਂ ਵੀ ਪੀੜਤ ਸੀ। ਇਸ ਮੌਤ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਜ਼ਿਲੇ ਵਿਚ ਵਧ ਕੇ 4 ਹੋ ਗਈ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 33 ਹੋ ਗਈ ਹੈ।
ਸੂਬੇ ਵਿਚ ਵਧਦੇ ਮਾਮਲੇ ਸਰਕਾਰ ਤੇ ਸਿਹਤ ਵਿਭਾਗ ਲਈ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਹੁਣ ਤੱਕ ਕੋਰੋਨਾ ਦੇ 1950 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਹ ਨਾਮੁਰਾਦ ਵਾਇਰਸ ਸੂਬੇ ਵਿਚ 33 ਲੋਕਾਂ ਦੀ ਜਾਨ ਲੈ ਚੁੱਕਾ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਤੋਂ ਜੰਗ ਫਤਿਹ ਕਰਕੇ ਘਰਾਂ ਨੂੰ ਪਰਤ ਚੁੱਕੇ ਹਨ।