2 more patients of Corona : ਪਟਿਆਲਾ ਜ਼ਿਲੇ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 2 ਹੋਰ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਮਗਰੋਂ ਜ਼ਿਲੇ ਵਿਚ ਪੀੜਤਾਂ ਦੀ ਗਿਣਤੀ 101 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਕੱਲ੍ਹ 148 ਲੋਕਾਂ ਦੇ ਸੈੰਪਲ ਲਏ ਗਏ ਸਨ, ਜਿਨ੍ਹਾਂ ਵਿਚੋਂ ਦੋ ਪਾਜ਼ੀਟਿਵ ਆਏ ਹਨ, ਜਦਕਿ 146 ਦੀਆਂ ਰਿਪੋਰਟਾਂ ਨੈਗੇਟਿਵ ਹਨ।

ਜ਼ਿਕਰਯੋਗ ਹੈ ਕਿ ਨਵੇਂ ਆਏ ਮਾਮਲਿਆਂ ਵਿਚ ਇਕ ਬਜ਼ੁਰਗ ਵਿਅਕਤੀ ਜੋਕਿ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਵਰਤਿਆ ਸੀ, ਦੀ ਰਿਪੋਰਟ ਵਿਚ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨੂੰ ਸਮਾਣਾ ਵਿਖੇ ਉਸ ਦੇ ਘਰ ਵਿਚ ਹੀ ਇਕਾਂਤਵਾਸ ਵਿਚ ਰਖਿਆ ਗਿਆ ਹੈ। ਦੂਜਾ ਕੇਸ ਰਾਜਪੁਰਾ ਦੀ ਇਕ ਲੜਕੀ ਦਾ ਹੈ, ਜੋਕਿ ਪਰਸੋਂ ਪਾਜ਼ੀਟਿਵ ਆਈ ਔਰਤ ਦੇ ਸੰਪਰਕ ਵਿਚ ਸੀ। ਡਾ. ਮਲਹੋਤਰਾ ਨੇ ਦੱਸਿਆ ਕਿ ਕੱਲ 5 ਸੈਂਪਲ ਰਿਪੀਟ ਕੀਤੇ ਜਾਣਗੇ। ਅੱਜ ਪਾਜ਼ੀਟਿਵ ਆਏ ਕੇਸਾਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਪਟਿਆਲਾ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 101 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 14 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ ਦੋ ਪੀੜਤਾਂ ਦੀ ਜ਼ਿਲੇ ਵਿਚ ਮੌਤ ਹੋ ਚੁੱਕੀ ਹੈ। ਡਾ. ਮਲਹੋਤਰਾ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ 1543 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 1362 ਰਿਪੋਰਟਾਂ ਨੈਗੇਟਿਵ ਆਈਆਂ ਹਨ, ਜਦਕਿ 80 ਟੈਸਟਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਜ਼ਿਲੇ ਵਿਚ 69 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 22 ਸੈਂਪਲ ਮਾਡਲ ਟਾਊਨ ਵਿਚ ਸਰਕਾਰੀ ਸਕੂਲ ’ਚ ਇਕਾਂਤਵਾਸ ਵਿਚ ਰਖੇ ਮਜ਼ਦੂਰਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੇ ਲਏ ਗਏ ਹਨ।






















