ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਂ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ।
ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ ਵਿਚ ਵਿਜੀਲੈਂਸ ਦੇ ਮੁਲਾਜ਼ਮਾਂ ਰਾਹੀਂ ਮਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ।
ਇਹ ਵੀ ਪੜ੍ਹੋ : ਨਵਦੀਪ ਜਲਬੇੜਾ ਦੀ ਕੋਰਟ ‘ਚ ਹੋਈ ਪੇਸ਼ੀ, 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ
ਜਾਂਚ ਦੌਰਾਨ ਸ਼ਿਕਾਇਤ ਵਿਚ ਲਗਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28.03.2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।