2587 Corona Cases found in Punjab : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2587 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਮੋਹਾਲੀ ਤੋਂ 385 ਤੇ ਜਲੰਧਰ ਤੋਂ 380 ਮਾਮਲੇ ਦਰਜ ਕੀਤੇ ਗਏ। ਉਥੇ ਹੀ ਅੱਜ ਕੋਰੋਨਾ ਨਾਲ 38 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 1011 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਅੰਮ੍ਰਿਤਸਰ ਤੋਂ ਚਾਰ, ਬਰਨਾਲਾ ਤੋਂ ਦੋ, ਫਾਜ਼ਿਲਕਾ ਤੋਂ ਇੱਕ, ਗੁਰਦਾਸਪੁਰ ਤੋਂ ਤਿੰਨ, ਹੁਸ਼ਿਆਰਪੁਰ ਤੋਂ ਚਾਰ, ਕਪੂਰਥਲਾ, ਲੁਧਿਆਣਾ, ਮੋਗਾ, ਤਰਨਤਾਰਨ ਤੋਂ 2-2 ਤੇ ਪਟਿਆਲਾ ਤੋਂ ਤਿੰਨ ਲੋਕਾਂ ਨੇ ਦਮ ਤੋੜਿਆ। ਉਥੇ ਹੀ ਜਲੰਧਰ ਤੋਂ ਸਭ ਤੋਂ ਵੱਧ 11 ਮੌਤਾਂ ਹੋਈਆਂ।
ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 210466 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 187198 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 16988 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 6280 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।
ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ ਤੇ ਰੋਜ਼ਾਨਾ ਇਸ ਦੇ ਮਾਮਲੇ ਵੱਧ ਰਹੇ ਹਨ। ਜਿਸ ਦੇ ਚੱਲਦਿਆਂ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਈਟ ਕਰਫਿਊ ਦਾ ਸਮਾਂ ਵਧਾ ਕੇ 9 ਤੋਂ ਪੰਜ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲਿਆਂ ’ਤੇ ਵੀ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਮੌਕੇ ’ਤੇ ਕੋਰੋਨਾ ਟੈਸਟ ਕੀਤਾ ਜਾਵੇਗਾ। ਵਿਆਹ ਤੇ ਹੋਰ ਖੁਸ਼ੀ ਦੇ ਸਮਾਗਮਾਂ ਤੇ ਅਤੇ ਭੋਗ ਆਦਿ ’ਤੇ 20 ਲੋਕ ਹੀ ਜਾ ਸਕਣਗੇ। ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ। ਅੱਜ ਪਠਾਨਕੋਟ ਵਿੱਚ ਪੁਲਿਸ ਨੇ ਨਾਕੇ ਲਾ ਕੇ ਬਿਨਾਂ ਮਾਸਕ ਵਾਲੇ ਲੋਕਾਂ ਨੂੰ ਰੋਕਿਆ ਅਤੇ 2 ਘੰਟਿਆਂ ਵਿੱਚ 72 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ।