2700 New Corona Cases : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਮੁੜ ਵਧਣ ਲੱਗ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2700 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ 413 ਮਾਮਲੇ ਦਰਜ ਕੀਤੇ ਗਏ। ਉਥੇ ਹੀ ਅੱਜ ਕੋਰੋਨਾ ਨਾਲ 43 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 1735 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।
ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 222937 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 195015 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 21405 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 6517 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਸਰਕਾਰ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਨਾਈਟ ਕਰਫਿਊ ਦਾ ਸਮਾਂ ਵਧਾ ਕੇ 9 ਤੋਂ ਪੰਜ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮਾਸਕ ਨਾ ਪਹਿਨਣ ਵਾਲਿਆਂ ’ਤੇ ਵੀ ਸਰਕਾਰ ਨੇ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਮਾਸਕ ਨਾ ਪਹਿਨਣ ਵਾਲਿਆਂ ਦਾ ਮੌਕੇ ’ਤੇ ਕੋਰੋਨਾ ਟੈਸਟ ਕੀਤਾ ਜਾਵੇਗਾ। ਵਿਆਹ ਤੇ ਹੋਰ ਖੁਸ਼ੀ ਦੇ ਸਮਾਗਮਾਂ ਤੇ ਅਤੇ ਭੋਗ ਆਦਿ ’ਤੇ 20 ਲੋਕ ਹੀ ਜਾ ਸਕਣਗੇ। ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ ਹੈ।