ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਪੂਰੀਆਂ ਕਿਤਾਬਾਂ ਨਾ ਮਿਲਣ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਨੂੰ ਜ਼ਿਲ੍ਹਾ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ। ਦਰਅਸਲ ਮੰਤਰੀ ਬੈਂਸ ਐਸਏਐਸ ਨਗਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਦਾ ਅਚਨਚੇਤ ਨਿਰੀਖਣ ਕਰਨ ਆਏ ਸਨ।
ਇਸ ਦੌਰਾਨ ਬੈਂਸ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਮੰਤਰੀ ਬੈਂਸ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਨੂੰ ਅਜੇ ਤੱਕ ਅੰਗਰੇਜ਼ੀ ਵਿਸ਼ੇ ਦੀ ਕਿਤਾਬ ਨਹੀਂ ਮਿਲੀ ਹੈ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਅਲਾਟ ਕੀਤੀਆਂ ਕਿਤਾਬਾਂ ਦੇ ਵੇਰਵੇ ਪੇਸ਼ ਕਰਨ ਲਈ ਕਿਹਾ। ਜਾਂਚ ਵਿੱਚ ਸਾਹਮਣੇ ਆਇਆ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਹਿਲੀ ਕਾਰਨ 3500 ਕਿਤਾਬਾਂ ਦੀ ਛਪਾਈ ਨਹੀਂ ਹੋ ਸਕੀ, ਜਿਸ ਕਾਰਨ ਡੇਰਾਬੱਸੀ ਬਲਾਕ ਵਿੱਚ 1135 ਅਤੇ ਬਨੂੜ ਬਲਾਕ ਵਿੱਚ 1400 ਕਿਤਾਬਾਂ ਵਿਦਿਆਰਥੀਆਂ ਤੱਕ ਨਹੀਂ ਪਹੁੰਚੀਆਂ।
ਇਹ ਵੀ ਪੜ੍ਹੋ : ਮਾਨ ਕੈਬਨਿਟ ਦਾ ਵਿਸਥਾਰ ਅੱਜ, ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਅੱਜ ਬਣਨਗੇ ਨਵੇਂ ਮੰਤਰੀ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲਾਪਰਵਾਹੀ ਲਈ ਡਿਪਟੀ ਮੈਨੇਜਰ ਮੁਹਾਲੀ ਡਿਪੂ ਭਗਵਾਨ ਸਿੰਘ, ਡਿਪਟੀ ਮੈਨੇਜਰ ਮੁਹਾਲੀ ਡਿਪੂ ਲਖਨ ਸਿੰਘ ਅਤੇ ਸਹਾਇਕ ਪੰਜਾਬ ਸਕੂਲ ਸਿੱਖਿਆ ਬੋਰਡ ਜਸਪ੍ਰੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।
ਇੰਨਾ ਹੀ ਨਹੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹਾਲੀ (ਡੀ.ਈ.ਓ. ਪ੍ਰਾਇਮਰੀ) ਅਤੇ ਬਲਾਕ ਸਿੱਖਿਆ ਅਫ਼ਸਰ (ਬੀ.ਈ.ਓ.) ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: