33 percent reservation : ਚੰਡੀਗੜ੍ਹ : ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਗਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਬੁੱਧਵਾਰ ਨੂੰ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਦੇ ਮੁਖੀਆਂ ਨੂੰ ਇਕ ਪੱਤਰ ਜਾਰੀ ਕਰਕੇ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਨੋਟੀਫਿਕੇਸ਼ਨ ਦੇ ਅਨੁਸਾਰ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕਰਮਚਾਰੀਆਂ ਦੀ ਭਰਤੀ ਵਿੱਚ ਜਨਰਲ ਸ਼੍ਰੇਣੀ, ਐਸ. ਸੀ., ਬੀ. ਸੀ., ਸਾਬਕਾ ਸੈਨਿਕ, ਖੇਡ ਕੋਟੇ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਵਿੱਚ ਮਹਿਲਾ ਉਮੀਦਵਾਰਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇਗਾ। ਰਾਜ ਸਰਕਾਰ ਨੇ ਇਸ ਵਿਵਸਥਾ ਨੂੰ ‘ ਪੰਜਾਬ ਸਿਵਲ ਸਰਵਿਸਿਜ਼ (ਰਿਜ਼ਰਵੇਸ਼ਨ ਫਾਰ ਵੂਮੈਨ ਇਨ ਪੋਸਟਸ) (ਪਹਿਲਾ ਸੋਧ) ਨਿਯਮ, 2020 ’ ਦਾ ਨਾਮ ਦਿੱਤਾ ਹੈ।
ਇਥੇ ਤੁਹਾਨੂੰ ਦੱਸ ਦੇਈਏ ਕਿ ਰਾਜ ਸਰਕਾਰ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਭਰਤੀ ਵਿਚ ਔਰਤਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਸੀ। ਪਰ ਬੁੱਧਵਾਰ ਨੂੰ ਇਸ ਸੰਬੰਧ ਵਿਚ ਰਾਖਵਾਂਕਰਨ ਨਿਯਮਾਂ ਵਿਚ ਸੋਧ ਕਰਕੇ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਨੋਟੀਫਿਕੇਸ਼ਨ ਨਾਲ ਹੁਣ ਮਹਿਲਾ ਉਮੀਦਵਾਰ ਰਾਜ ਸਰਕਾਰ ਦੇ ਸਾਰੇ ਵਿਭਾਗਾਂ ਵਿਚ ਗਰੁੱਪ ਏ, ਬੀ , ਸੀ ਅਤੇ ਡੀ ਵਿਚ ਭਰਤੀ ਵਿਚ ਰਾਖਵਾਂਕਰਨ ਦਾ ਲਾਭ ਪ੍ਰਾਪਤ ਕਰ ਸਕਣਗੀਆਂ।