427 New Corona Cases : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਘਟਦਾ ਨਜ਼ਰ ਆ ਰਿਹਾ ਹੈ। ਰੋਜ਼ਾਨਾ ਹੁਣ ਇਸ ਦੇ ਮਾਮਲਿਆਂ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਅੱਜ ਸ਼ਨੀਵਾਰ ਨੂੰ ਸੂਬੇ ਵਿੱਚ ਕੋਰੋਨਾ ਦੇ 427 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਉਥੇ ਹੀ ਅੱਜ ਇਸ ਮਹਾਮਾਰੀ ਨਾਲ 19 ਲੋਕਾਂ ਨੇ ਦਮ ਤੋੜਿਆ। ਦੂਜੇ ਪਾਸੇ ਸੂਬੇ ’ਚ 760 ਮਰੀਜ਼ਾਂ ਨੂੰ ਠੀਕ ਹੋਣ ’ਤੇ ਘਰਾਂ ਲਈ ਰਵਾਨਾ ਕੀਤਾ ਗਿਆ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਮਾਨਸਾ, ਰੋਪੜ, ਸੰਗਰੂਰ ਤੇ ਤਰਨਤਾਰਨ ਤੋਂ ਇੱਕ-ਇੱਕ ਮਰੀਜ਼ ਨੇ ਦਮ ਤੋੜਿਆ ਉਥੇ ਹੀ ਹੁਸ਼ਿਆਰਪੁਰ, ਗੁਰਦਾਸਪੁਰ, ਮੋਹਾਲੀ ਤੋਂ 2-2 ਅਤੇ ਅੰਮ੍ਰਿਤਸਰ ਤੇ ਪਠਾਨਕੋਟ ਤੋਂ ਤਿੰਨ-ਤਿੰਨ ਮੌਤਾਂ ਦਰਜ ਕੀਤੀਆਂ ਗਈਆਂ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ‘ਚ ਕਮੀ ਦਰਜ ਕੀਤੀ ਜਾ ਰਹੀ ਹੈ। ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 127154 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 116925 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 6230 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 140 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 22 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 3999 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2300669 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 25897 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।