481 Corona positive cases : ਪੰਜਾਬ ਵਿੱਚ ਅੱਜ ਸ਼ੁੱਕਰਵਾਰ ਨੂੰ ਕੋਰੋਨਾ ਦੇ 481 ਪਾਜ਼ੀਟਿਵ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮਾਮਲੇ ਜਲੰਧਰ ਤੋਂ ਆਏ, ਜਿਥੇ 98 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਉਥੇ ਹੀ ਅੱਜ ਕੋਰੋਨਾ ਨਾਲ 23 ਲੋਕਾਂ ਦੀ ਮੌਤ ਹੋਈ। ਅੱਜ 580 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅਮ੍ਰਿਤਸਰ ’ਚ 3, ਬਠਿੰਡਾ ’ਚ 3, ਫਾਜ਼ਿਲਕਾ ’ਚ 1, ਗੁਰਦਾਸਪੁਰ ’ਚ 1, ਹੁਸ਼ਿਆਰਪਰ ’ਚ 3, ਲੁਧਿਆਣਾ ’ਚ 3, ਮਾਨਸਾ ’ਚ 1, ਮੁਕਤਸਰ ’ਚ 1, ਪਟਿਆਲਾ ’ਚ 2, ਰੋਪੜ ’ਚ 2, ਸੰਗਰੂਰ ’ਚ 1 ਤੇ ਤਰਨਤਾਰਨ ’ਚ 2 ਲੋਕਾਂ ਦੀ ਮੌਤ ਹੋਈ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 130157 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 121735 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 4327 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 110 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 27 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4095 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 2433133 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 23447 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ। ਹਾਲਾਂਕਿ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਪਹਿਲਾਂ ਨਾਲੋਂ ਘੱਟ ਰਹੇ ਹਨ ਪਰ ਫਿਰ ਵੀ ਸਰਕਾਰ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਮਹਾਮਾਰੀ ਤੋਂ ਆਪਣੇ ਬਚਾਅ ਲਈ ਅਪੀਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਵਿੱਚ ਸੂਬੇ ਵਿੱਚ ਕੋਰੋਨਾ ਦੇ 617 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ। ਕੱਲ੍ਹ ਵੀ ਜਲੰਧਰ ਵਿੱਚ ਹੀ ਸਭ ਤੋਂ ਵੱਧ 82 ਪਾਜ਼ੀਟਿਵ ਕੇਸ ਆਏ ਸਨ। ਉਥੇ ਕੋਰੋਨਾ ਨਾਲ 12 ਲੋਕਾਂ ਦੀ ਮੌਤ ਹੋਈ ਸੀ, ਜਦਕਿ 935 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ ਸੀ।