510 Corona cases found in Jalandhar : ਜਲੰਧਰ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਚੱਲਦਿਆਂ ਵੀਰਵਾਰ ਨੂੰ ਜਲੰਧਰ ਵਿੱਚ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਇੱਕ ਦਿਨ ਵਿੱਚ ਸਭ ਤੋਂ ਵੱਧ 510 ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਪੰਜ ਮਰੀਜ਼ਾਂ ਦੀ ਮੌਤ ਹੋ ਜਾਣ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਤਕਰੀਬਨ 300 ਨਵੇਂ ਮਰੀਜ਼ ਸਾਹਮਣੇ ਆਏ ਸਨ। ਮਰੀਜ਼ਾਂ ਦੀ ਗਿਣਤੀ ਵਿੱਚ ਇੰਨੇ ਵਾਧੇ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪਿਛਲੇ ਇਕ ਸਾਲ ਵਿਚ ਪਹਿਲੀ ਵਾਰ ਕੋਰੋਨਾ ਦੀ ਇੰਨੀ ਉੱਚ ਮਾਤਰਾ ਵੀ ਸਾਹਮਣੇ ਆਈ ਹੈ।
ਦੱਸਣਯੋਗ ਹੈ ਕਿ ਪੰਜਾਬ ਵਿੱਚ 1 ਤੋਂ 17 ਮਾਰਚ ਦੇ ਵਿਚਕਾਰ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਚਾਰ ਗੁਣਾ ਵਧੀ ਹੈ। 1 ਮਾਰਚ ਨੂੰ 500 ਨਵੇਂ ਕੇਸ ਸਾਹਮਣੇ ਆਏ ਸਨ, ਜਦੋਂ ਕਿ 17 ਮਾਰਚ ਨੂੰ 2045 ਨਵੇਂ ਕੇਸ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਬੀਤੇ ਦਿਨ ਯਾਨੀ ਕਿ ਬੁੱਧਵਾਰ ਨੂੰ ਇੱਕ ਦਿਨ ਵਿੱਚ 39 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਪਿਛਲੇ ਇੱਕ ਮਹੀਨੇ ਵਿੱਚ 392 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ।
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਦਾ ਸਮਾਂ ਵਧਾਉਣ ਦਾ ਐਲਾਨ ਕੀਤਾ ਹੈ। ਇਹ ਨਾਈਟ ਕਰਫਿਊ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਨਾਈਟ ਕਰਫਿਊ ਵਾਲੇ ਜ਼ਿਲ੍ਹਿਆਂ ਵਿੱਚ ਲੁਧਿਆਣਾ, ਸ੍ਰੀ ਫ਼ਤਿਹਗੜ੍ਹ ਸਾਹਿਬ, ਜਲੰਧਰ, ਮੁਹਾਲੀ, ਪਟਿਆਲਾ, ਰੋਪੜ ਅਤੇ ਕਪੂਰਥਲਾ ਸ਼ਾਮਿਲ ਹਨ।