531 New Corona Cases : ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਐਤਵਾਰ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਦੇ 531 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 497 ਲੋਕ ਜਲੰਧਰ ਦੇ ਵਸਨੀਕ ਹਨ ਅਤੇ ਬਾਕੀ ਦੂਸਰੇ ਜ਼ਿਲ੍ਹਿਆਂ ਦੇ ਹਨ। ਇਸ ਤੋਂ ਇਲਾਵਾ 12 ਮਰੀਜ਼ਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚੋਂ 8 ਮਰੀਜ਼ ਜਲੰਧਰ ਦੇ ਹਨ ਅਤੇ ਬਾਕੀ ਦੂਸਰੇ ਇਲਾਕਿਆਂ ਦੇ ਹਨ। ਇਸ ਦੇ ਨਾਲ ਜਲੰਧਰ ਵਿਚ ਕੋਰੋਨਾ ਮਾਮਲਿਆਂ ਦੀ ਕੁਲ ਗਿਣਤੀ 28785 ਹੋ ਗਈ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਜਲੰਧਰ ਵਿੱਚ 391 ਲੋਕ ਪਾਜ਼ੀਟਿਵ ਪਾਏ ਗਏ ਸਨ ਅਤੇ ਪੰਜ ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਸਾਹਮਣੇ ਆਏ ਮਰੀਜ਼ਾਂ ਵਿੱਚ ਦੋ ਅਮੇਰਿਕਾ ਤੋਂ ਆਏ, ਛੇ ਹੈਲਥ ਵਰਕਰ, ਚਾਰ ਪੁਲਿਸ ਮੁਲਾਜ਼ਮ, ਦੋ ਡਾਕਟਰ, ਇੱਕ ਟੀਚਰ ਵੀ ਸ਼ਾਮਲ ਹੈ। ਸਿਹਤ ਵਿਭਾਗ ਦੇ ਨੋਡਲ ਅਫ਼ਸਰ ਡਾ: ਟੀਪੀ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਮਰੀਜ਼ਾਂ ਅਤੇ ਮੌਤਾਂ ਦੀ ਦਰ ਘਟਾਉਣ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਕੋਰੋਨਾ ਨੂੰ ਰੋਕਣ ਲਈ ਲੋਕਾਂ ਨੂੰ ਮੂੰਹ ‘ਤੇ ਮਾਸਕ ਪਹਿਨਣ, ਦੋ ਮੀਟਰ ਦੀ ਸਰੀਰਕ ਦੂਰੀ ਅਤੇ ਅਕਸਰ ਹੱਥ ਧੋਣ ਦੀਆਂ ਨੀਤੀਆਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਖ਼ਾਸ ਤੌਰ ਤੇ ਸੁਚੇਤ ਰਹਿਣ ਦੀ ਲੋੜ ਹੈ।
ਦੱਸਣਯੋਗ ਹੈ ਕਿ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਟੀਕਾ ਲਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਬਾਅਦ ਸਿਹਤ ਵਿਭਾਗ ਨੇ ਇਕ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਲਾਭਪਾਤਰੀਆਂ ਦੀ ਗਿਣਤੀ ਵਿੱਚ ਹੋਏ ਵਾਧੇ ਨੂੰ ਵੇਖਦਿਆਂ ਸਿਹਤ ਵਿਭਾਗ ਨੇ ਟੀਕੇ ਕੇਂਦਰਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਵੀ ਕੀਤਾ ਹੈ।