6 new cases of Corona : ਸੂਬੇ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਸੰਗਰੂਰ ਜ਼ਿਲੇ ਤੇ ਫਿਰੋਜ਼ਪੁਰ ਜ਼ਿਲੇ ਦੇ ਤਲਵੰਡੀ ਭਾਈ ਸ਼ਹਿਰ ਤੋਂ ਕੋਰੋਨਾ ਦੇ 3-3 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਵਿਚ ਮਿਲੇ ਇਨ੍ਹਾਂ ਤਿੰਨ ਮਾਮਲਿਆਂ ਨਾਲ ਹੁਣ ਜ਼ਿਲੇ ਵਿਚ ਮਰੀਜ਼ਾਂ ਦੀ ਗਿਣਤੀ ਵਧ ਕੇ 502 ਹੋ ਗਈ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਹੁਣ ਤੱਕ 306 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 183 ਮਾਮਲੇ ਅਜੇ ਵੀ ਸਰਗਰਮ ਹਨ। ਇਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਿਲ੍ਹੇ ‘ਚ ਹੁਣ ਤੱਕ 13 ਵਿਅਕਤੀਆਂ ਦੀ ਕੋਰੋਨਾ ਕਾਰਣ ਮੌਤ ਹੋ ਚੁੱਕੀ ਹੈ।
ਉਧਰ ਤਲਵੰਡੀ ਭਾਈ ਵਿਚ ਸਾਹਮਣੇ ਆਏ ਤਿੰਨ ਮਰੀਜ਼ਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਤਲਵੰਡੀ ਭਾਈ ਤੋਂ ਵੀ ਲਗਾਤਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਿਚੋਂ ਦੋ ਮਰੀਜ਼ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਵਿਅਕਤੀ ਚੰਚਲ ਕੁਮਾਰ ਦੇ ਪਰਿਵਾਰਕ ਮੈਂਬਰ ਹਨ, ਜਿਨ੍ਹਾਂ ਵਿਚ ਇਕ ਬੱਚੇ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਅੱਜ ਸਵੇਰੇ ਇਕ ਅਸ਼ੋਕ ਕੁਮਾਰ ਨਾਂ ਦੇ ਵਿਅਕਤੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਇਸ ਦੇ ਨਾਲ ਹੀ ਤਲਵੰਡੀ ਭਾਈ ਵਿਚ ਹੁਣ ਕੁਲ 7 ਐਕਟਿਵ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਸ਼ਹਿਰ ਵਿਚ ਹੁਣ ਤੱਕ ਇਸ ਮਹਾਮਾਰੀ ਨਾਲ ਇਕ ਵਿਅਕਤੀ ਆਪਣੀ ਜਾਨ ਗੁਆ ਚੁੱਕਾ ਹੈ, ਜਦਕਿ ਇਕ ਔਰਤ ਨੂੰ ਠੀਕ ਹੋਣ ’ਤੇ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਫਿਰੋਜ਼ਪੁਰ ਜ਼ਿਲੇ ਵਿਚ ਹੁਣ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਦੀ ਗਿਣਤੀ 38 ਹੋ ਚੁੱਕੀ ਹੈ।