604 New Corona Positive : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗੇ ਹਨ। ਅੱਜ ਬੁੱਧਵਾਰ ਨੂੰ ਕੋਰੋਨਾ ਦੇ 604 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੋਹਾਲੀ ਤੋਂ 149 ਤੇ ਲਧਿਆਣਾ ਤੋਂ 137 ਲੋਕਾਂ ਦੀਆਂ ਰਿਪੋਰਟਾਂ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ। ਉਥੇ ਹੀ ਅੱਜ ਕੋਰੋਨਾ ਨਾਲ 24 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 518 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ। ਦੱਸਣਯੋਗ ਹੈ ਕਿ ਅੱਜ ਸੂਬੇ ਵਿੱਚ ਕੋਰੋਨਾ ਨਾਲ ਅੰਮ੍ਰਿਤਸਰ ਤੋਂ 2, ਬਠਿੰਡਾ ਤੋਂ 3, ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਤੇ ਗੁਰਦਾਸਪੁਰ ਤੋਂ ਇੱਕ-ਇੱਕ, ਹੁਸ਼ਿਆਰਪੁਰ ਤੋਂ ਦੋ, ਜਲੰਧਰ ਤੋਂ ਤਿੰਨ, ਲੁਧਿਆਣਾ ਤੋਂ ਇੱਕ, ਮੋਹਾਲੀ ਤੋਂ 5, ਪਟਿਆਲਾ ਤੋਂ ਦੋ, ਮੁਕਤਸਰ, ਪਠਾਨਕੋਟ ਤੇ ਤਰਨਤਾਰਨ ਤੋਂ ਇੱਕ-ਇੱਕ ਮਰੀਜ਼ ਨੇ ਦਮ ਤੋੜਿਆ।
ਜ਼ਿਕਰਯੋਗ ਹੈ ਕਿ ਅੱਜ ਦੇ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ ਵਿੱਚ ਕੋਰੋਨਾ ਦੇ 153308 ਮਾਮਲੇ ਪਾਜ਼ੀਟਿਵ ਪਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 140772 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦਿੱਤੀ ਜਾ ਚੁੱਕੀ ਹੈ। ਅਜੇ ਵੀ ਸੂਬੇ ਵਿੱਚ 7694 ਮਾਮਲੇ ਐਕਟਿਵ ਹਨ ਜਿਨ੍ਹਾਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿਚੋਂ 150 ਮਰੀਜ਼ ਆਕਸੀਜਨ ਸੁਪੋਰਟ ‘ਤੇ ਹਨ, ਜਦਕਿ 12 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ। ਦੱਸ ਦੇਈਏ ਕਿ ਹੁਣ ਤੱਕ ਸੂਬੇ ਵਿੱਚ 4842 ਲੋਕਾਂ ਦੀ ਕੋਰੋਨਾ ਨਾਲ ਜਾਨ ਜਾ ਚੁੱਕੀ ਹੈ। ਹੁਣ ਤੱਕ ਸੂਬੇ ਵਿੱਚ ਕੋਰੋਨਾ ਦੇ 3237858 ਸੈਂਪਲ ਲਏ ਜਾ ਚੁੱਕੇ ਹਨ। ਅੱਜ ਵੀ 29649 ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਬੀਤੇ ਦਿਨ ਤੋਂ ਸਾਰੇ ਕਸਬਿਆਂ ਅਤੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਨੂੰ ਦੁਬਾਰਾ ਲਾਗੂ ਕਰ ਦਿੱਤਾ ਗਿਆ ਹੈ ਅਤੇ ਸੂਬੇ ਵਿੱਚ ਮਾਸਕ ਨਾ ਪਹਿਨਣ ‘ਤੇ ਵੀ ਸਖਤੀ ਕਰਦ ਹੋਏ ਜੁਰਮਾਨਾ ਡਬਲ ਕਰਕੇ 1000 ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਵਾਰ ਨਾਈਟ ਕਰਫਿਊ ਵਿੱਚ ਸਖਤੀ ਵਰਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਸੂਬੇ ਵਿੱਚ ਕਿਸੇ ਨੂੰ ਵੀ ਕਰਫਿਊ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ‘ਤੇ ਮਹਾਮਾਰੀ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਜਾਵੇਗਾ।