75 year old farmer dies : ਕੇਂਦਰ ਵੱਲੋਂ ਜਾਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 31ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ । ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ ਉਧਰ ਸਰਕਾਰ ਸੋਧ ਨੂੰ ਤਾਂ ਮੰਨ ਰਹੀ ਹੈ ਪਰ ਕਾਨੂੰਨ ਰੱਦ ਨਹੀਂ ਕਰਨਾ ਚਾਹੁੰਦੀ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ।
ਅੱਜ ਇੱਕ ਹੋਰ ਕਿਸਾਨ ਦੀ ਟਿਕਰੀ-ਬਹਾਦੁਰਗੜ੍ਹ ਬਾਰਡਰ ’ਤੇ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 75 ਸਾਲਾ ਅਮਰੀਕ ਸਿੰਘ ਜੋਕਿ ਗੁਰਦਾਸਪੁਰ ਦਾ ਰਹਿਣ ਵਾਲਾ ਸੀ, ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਅਮਰੀਕ ਸਿੰਘ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਵਿੱਚ ਡਟਿਆ ਹੋਇਆ ਸੀ। ਉਸ ਦੀ ਮ੍ਰਿਤਕ ਦੇਹ ਨੂੰ ਬਹਾਦੁਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ।
ਦੱਸਣਯੋਗ ਹੈ ਕਿ ਕੜਾਕੇ ਦੀ ਠੰਡ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚ ਹੁਣ ਤੱਕ 40 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਅੱਜ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਦੇ ਰਹਿਣ ਵਾਲੇ ਇੱਕ ਕਿਸਾਨ 61 ਸਾਲਾ ਗੁਰਪਿਆਰ ਸਿੰਘ ਦੀ ਵੀ ਮੌਤ ਹੋ ਗਈ। ਉਹ ਲੰਮੇ ਸਮੇਂ ਤੋਂ ਅੰਦੋਲਨ ਵਿੱਚ ਡਟਿਆ ਹੋਇਆ ਸੀ ਪਰ ਠੰਡ ਵਿੱਚ ਬੀਮਾਰ ਹੋਣ ਕਰਕੇ ਹੀ ਉਹ ਕੁਝ ਦਿਨ ਪਹਿਲਾਂ ਵਾਪਿਸ ਪਰਤਿਆ ਸੀ। ਉਥੇ ਹੀ ਕਿਸਾਨ ਅੰਦੋਲਨ ਦੌਰਾਨ ਤਿੰਨ ਦਿਨ ਪਹਿਲਾਂ ਬਿਮਾਰ ਹੋਏ ਇੱਕ ਹੋਰ ਕਿਸਾਨ ਦੀ ਇਲਾਜ ਦੌਰਾਨ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋ ਗਈ ਸੀ।