8494 Corona cases in punjab : ਪੰਜਾਬ ਵਿੱਚ ਕੋਰੋਨਾ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੇ ਵੱਡੀ ਗਿਣਤੀ ਵਿੱਚ ਸਾਹਮਣੇ ਆ ਰਹੇ ਮਾਮਲਿਆਂ ਕਰਕੇ ਸਰਕਾਰ ਵੀ ਚਿੰਤਾ ਵਿੱਚ ਪਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 8494 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ।
ਉਥੇ ਹੀ ਸਭ ਤੋਂ ਵੱਧ ਮਾਮਲੇ ਲੁਧਿਆਣਾ ਜ਼ਿਲ੍ਹੇ ਤੋਂ ਸਾਹਮਣੇ ਆਏ ਜਿਥੇ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 1335 ਰਹੀ। ਦੂਜੇ ਪਾਸੇ ਮੌਤਾਂ ਦੀ ਗਿਣਤੀ ਵੀ ਤੇਜ਼ੀ ਨਾਲ ਰੋਜ਼ਾਨਾ ਵਧਦੀ ਜਾ ਰਹੀ ਹੈ, ਅੱਜ 184 ਲੋਕਾਂ ਨੇ ਇਸ ਨਾਮੁਰਾਦ ਬੀਮਾਰੀ ਨਾਲ ਦਮ ਤੋੜਿਆ। ਦੱਸਣਯੋਗ ਹੈ ਕਿ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਬਾਅਦ ਮੋਹਾਲੀ ਜ਼ਿਲ੍ਹੇ ਵਿੱਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਦੇਖਣ ਨੂੰ ਮਿਲੀ ਜਿਥੇ 991 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ। ਉਥੇ ਹੀ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਵੀ ਲੁਧਿਆਣਾ ਵਿੱਚ ਹੋਈਆਂ, ਜਿਥੇ 25 ਲੋਕਾਂ ਦੀ ਜਾਨ ਗਈ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 475949 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 384702 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 79950 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 9619 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ ਅਤੇ ਗੰਭੀਰ ਹਾਲਤ ਕਰਕੇ 429 ਲੋਕਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।