9100 Corona cases in punjab : ਕੋਰੋਨਾ ਦੀ ਚੱਲ ਰਹੀ ਦੂਜੀ ਲਹਿਰ ਦੇ ਦੌਰਾਨ ਪੰਜਾਬ ਵਿੱਚ ਕੋਰੋਨਾ ਭਿਆਨਕ ਰੂਪ ਧਾਰਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਸਾਹਮਣੇ ਆਏ ਨਵੇਂ ਮਾਮਲਿਆਂ ਦੀ ਗਿਣਤੀ 9000 ਤੋਂ ਵੀ ਟੱਪ ਗਈ ਹੈ, ਜਿਥੇ 9100 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ। ਉਥੇ ਹੀ ਸਭ ਤੋਂ ਵੱਧ ਮਾਮਲੇ ਲੁਧਿਆਣਾ ਜ਼ਿਲ੍ਹੇ ਤੋਂ ਸਾਹਮਣੇ ਆਏ ਜਿਥੇ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ 1223 ਰਹੀ। ਦੂਜੇ ਪਾਸੇ ਮੌਤਾਂ ਦੀ ਗਿਣਤੀ ਵੀ ਤੇਜ਼ੀ ਨਾਲ ਰੋਜ਼ਾਨਾ ਵਧਦੀ ਜਾ ਰਹੀ ਹੈ, ਅੱਜ 171 ਲੋਕਾਂ ਨੇ ਇਸ ਨਾਮੁਰਾਦ ਬੀਮਾਰੀ ਨਾਲ ਦਮ ਤੋੜਿਆ।
ਦੱਸਣਯੋਗ ਹੈ ਕਿ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਬਾਅਦ ਮੋਹਾਲੀ ਜ਼ਿਲ੍ਹੇ ਵਿੱਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਦੇਖਣ ਨੂੰ ਮਿਲੀ ਜਿਥੇ 1168 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ। ਉਥੇ ਹੀ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਬਠਿੰਡਾ ਤੇ ਮੁਕਤਸਰ ਤੋਂ ਹੋਈਆਂ, ਜਿਥੇ 17-17 ਲੋਕਾਂ ਨੇ ਦਮ ਤੋੜਿਆ, ਉਥੇ ਹੀ ਅੰਮ੍ਰਿਤਸਰ ਤੇ ਪਟਿਆਲਾ ਵਿੱਚ 13-13 ਲੋਕਾਂ ਨੇ ਜਾਨ ਗੁਆਈ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 433689 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 351426 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 71948 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 10315 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।