AAP announces support for farmers : ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ 29 ਜਨਵਰੀ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਹੋਣ ਵਾਲੇ ਰਾਸ਼ਟਰਪਤੀ ਦੇ ਭਾਸ਼ਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਦੇ ਰਾਜ ਸਭਾ ਦੇ ਤਿੰਨੇ ਮੈਂਬਰ ਅਤੇ ਲੋਕ ਸਭਾ ਮੈਂਬਰ ਰਾਸ਼ਟਰਪਤੀ ਦੇ ਭਾਸ਼ਣ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ।
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਤਿੰਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਇਸੇ ਦੇ ਚੱਲਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪਾਰਟੀ ਨੇ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਵਿੱਚ 29 ਜਨਵਰੀ ਨੂੰ ਹੋਣ ਵਾਲੇ ਮਾਨਯੋਗ ਰਾਸ਼ਟਰਪਤੀ ਦੇ ਭਾਸ਼ਣ ਦਾ ਆਮ ਆਦਮੀ ਪਾਰਟੀ ਬਾਈਕਾਟ ਕੀਤਾ ਜਾਵੇਗਾ।
ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਇਹ ਆਰਡੀਨੈਂਸ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਲਿਆਂਦੇ ਹਨ। ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੇ ਗੈਰ-ਲੋਕਤੰਤਰਿਕ ਫੈਸਲੇ ਅਤੇ ਜਨਵਿਰੋਧੀ ਕਾਨੂੰਨਾਂ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਹ ਕਾਨੂੰਨ ਵਾਪਿਸ ਨਹੀਂ ਲੈਂਦੀ ਆਮ ਆਦਮੀ ਪਾਰਟੀ ਇਹ ਵਿਰੋਧ ਕਰਦੀ ਰਹੇਗੀ। ਦੱਸਣਯੋਗ ਹੈ ਕਿ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ ਪਰ ਸਰਕਾਰ ਨੇ ਇਨ੍ਹਾਂ ਨੂੰ ਡੇਢ ਸਾਲ ਤੱਕ ਰੋਕ ਕੇ ਇਨ੍ਹਾਂ ਵਿੱਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ ਹੈ। ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਉਹ ਅੰਦੋਲਨ ਜਾਰੀ ਰਖਣਗੇ।