AAP blames Center for attack : ਮਲੋਟ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ‘ਤੇ ਕੀਤੇ ਗਏ ਹਮਲੇ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਕਈ ਮਹੀਨਿਆਂ ਤੋਂ ਦਿਨ ਰਾਤ ਸੜਕਾਂ ਉਤੇ ਹਰ ਮੁਸੀਬਤ ਦਾ ਸਾਹਮਣਾ ਕਰਦਾ ਹੋਇਆ ਸੰਘਰਸ਼ ਕਰ ਰਿਹਾ ਹੈ, ਪ੍ਰੰਤੂ ਕੁਝ ਭਾਜਪਾ ਆਗੂ ਕਿਸਾਨਾਂ ਦੇ ਵਿਰੁਧ ਬਹੁਤ ਮੰਦਭਾਗੀ ਭਾਸ਼ਾ ਵਰਤ ਰਹੇ ਹਨ। ਭਾਜਪਾ ਦੇ ਆਗੂਆਂ ਨੇ ਕਿਸਾਨਾਂ ਨੂੰ ਅੱਤਵਾਦੀ, ਪਾਕਿਸਤਾਨੀ ਅਤੇ ਗੱਦਾਰ ਕਿਹਾ, ਜਿਸ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਹੈ ਅਤੇ ਭਾਜਪਾ ਦਾ ਵਿਰੋਧ ਕਰ ਰਹੇ ਹਨ। ਫਿਰ ਵੀ ਉਨ੍ਹਾਂ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਅੰਦੋਲਨ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ।
ਚੀਮਾ ਨੇ ਕਿਹਾ ਕਿ ਲੋਕਤੰਤਰਿਕ ਦੇਸ਼ ਵਿੱਚ ਹਰੇਕ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ, ਇਸ ਦੋਵਾਂ ਧਿਰਾਂ ਵੱਲੋਂ ਬਰਾਬਰ ਵਾਰਤਾਲਾਪ ਹੋਣੀ ਚਾਹੀਦੀ ਹੈ। ਮੋਦੀ ਸਰਕਾਰ ਵੱਲੋਂ ਖੇਤੀ ਬਾਰੇ ਕਾਲੇ ਕਾਨੂੰਨ ਵਾਪਸ ਨਾ ਲੈਣ ਦਾ ਅੜੀਅਲ ਵਤੀਰਾ ਭਾਈਚਾਰਕ ਸਾਂਝ ਨੂੰ ਤੋੜ ਰਿਹਾ ਹੈ। ਉਨ੍ਹਾਂ ਪੰਜਾਬ ਦੇ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਹੋਣ ਦਾ ਸਬੂਤ ਦਿੰਦੇ ਹੋਏ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਆਵਾਜ਼ ਚੁੱਕਣ।
ਦੱਸਣਯੋਗ ਹੈ ਕਿ ਬੀਤੇ ਦਿਨ ਭਾਜਪਾ ਵਿਧਾਇਕ ਅਰੁਣ ਨਾਂਗਲ ‘ਤੇ ਕਿਸਾਨਾਂ ਵੱਲੋਂ ਕੀਤੇ ਗਏ ਹਮਲੇ ਦਾ ਮੁੱਦਾ ਕਾਫੀ ਭਖ ਗਿਆ ਹੈ, ਪੂਰੇ ਪੰਜਾਬ ਵਿੱਚ ਜਿਥੇ ਭਾਜਪਾ ਆਗੂਆਂ ਵਿੱਚ ਇਸ ਸੰਬੰਧੀ ਰੋਸ ਪਾਇਆ ਜਾ ਰਿਹਾ ਹੈ ਉਥੇ ਹੀ ਹਰਿਆਣਾ ਵਿੱਚ ਵੀ 30 ਮਾਰਚ ਨੂੰ ਰੋਸ ਮੁਜ਼ਾਹਰਿਆਂ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਵਿਰੋਧੀ ਧਿਰਾਂ ਇਸ ਲਈ ਕੈਪਟਨ ਸਰਕਾਰ ‘ਤੇ ਸਵਾਲ ਚੁੱਕ ਰਹੀਆਂ ਹਨ।