AAP demands dharna outside : ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਤੁਰੰਤ ਆਲ ਪਾਰਟੀ ਮੀਟਿੰਗ ਬੁਲਾਉਣ ਜਿਸ ਵਿੱਚ 31 ਕਿਸਾਨ ਜਥੇਬੰਦੀਆਂ ਦੇ ਪ੍ਰਧਾਨਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਵਿੱਚ ਖੇਤੀ ਮਾਹਿਰਾਂ ਨਾਲ ਵਿਚਾਰ-ਚਰਚਾ ਕਰਕੇ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ, ਤਾਂਜੋ ਕਿਸਾਨਾਂ ਤੇ ਹੋਰਨਾਂ ਵਰਗਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਕੀਤਾ ਜਾ ਸਕੇ।
‘ਆਪ’ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ, ਖੇਤ-ਮਜ਼ਦੂਰਾਂ, ਮੁਨੀਮਾਂ, ਆੜ੍ਹਤੀਆਂ, ਟਰਾਂਸਪੋਰਟਰਾਂ, ਛੋਟੇ ਦੁਕਾਨਦਾਰਾਂ ਆਦਿ ਵਰਗਾਂ ਵੱਲੋਂ ਕੀਤੀ ਗਈ ਮੰਗ ਕਿ 15 ਅਕਤੂਬਰ ਤੋਂ ਪਹਿਲਾਂ ਵਿਧਾਨ ਸਭਾ ਬੁਲਾਈ ਜਾਵੇ ਨੂੰ ‘ਆਪ’ ਵਿਧਾਇਕਾਂ ਨੇ ਆਪਣੀ ਡਿਊਟੀ ਸਮਝਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਦੇ ਕੰਨਾਂ ਤੱਕ ਉਨ੍ਹਾਂ ਦੀ ਮੰਗ ਨੂੰ ਪਹੁੰਚਾਉਣ ਲਈ ਵਿਧਾਨ ਸਭਾ ਦੇ ਬਾਹਰ ਧਰਨਾ ਲਗਾਇਆ ਗਿਆ ਹੈ।
ਧਰਨੇ ਦੀ ਅਗਵਾਈ ਕਰ ਰਹੀ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸ ਬਿੱਲਾਂ ਨੂੰ ਪਾਸ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਅਤੇ ਕੈਪਟਨ ਹੁਣ ਪੰਜਾਬ ਵਿਚ ਰੈਲੀਆਂ ਕਰਕੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਇਹ ਚੰਗੀ ਤਰਾਂ ਸਮਝ ਲੈਣ ਕਿ ਪੰਜਾਬ ਦੀ ਜਨਤਾ ਹੁਣ ਤੁਹਾਡੀਆਂ ਸਿਆਸੀ ਚਾਲਾਂ ਵਿਚ ਨਹੀਂ ਆਵੇਗੀ, ਕਿਉਂਕਿ ਪੰਜਾਬ ਦੀ ਜਨਤਾ ਸੂਝਵਾਨ ਅਤੇ ਜਾਗਰੂਕ ਹੋ ਗਈ ਹੈ।