AAP to take part in tractor parade : ਚੰਡੀਗੜ੍ਹ : ਕਿਸਾਨ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨਗੇ। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਨੇ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ‘ਕਿਸਾਨ ਟਰੈਕਟਰ ਪਰੇਡ’ ਵਿਚ ਹਿੱਸਾ ਲੈਣ ਦਾ ਫੈਸਲਾ ਕੀਤਾ ਹੈ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਰਾਜ ਭਰ ਦੇ ‘ਆਪ’ ਵਾਲੰਟੀਅਰ ਹਰ ਪਿੰਡ ਦੇ ਟਰੈਕਟਰਾਂ ਨਾਲ ਪਰੇਡ ਵਿਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ‘ਆਪ’ ਰਾਜਨੀਤਿਕ ਪਾਰਟੀ ਵਜੋਂ ਨਹੀਂ ਬਲਕਿ ਇੱਕ ਕਿਸਾਨ, ਮਜ਼ਦੂਰ ਅਤੇ ਪਾਰਟੀ ਦੇ ਇੱਕ ਵਲੰਟੀਅਰ ਵਜੋਂ ਇਸ ਅੰਦੋਲਨ ਵਿੱਚ ਸ਼ਾਮਲ ਹੋਵੇਗੀ।
ਉਨ੍ਹਾਂ ਕਿਹਾ ਕਿ ਅੱਜ ਕਿਸਾਨ ਸੰਘਰਸ਼ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਅਤੇ ਯੋਜਨਾਬੱਧ ਅਤੇ ਸ਼ਾਂਤਮਈ ਢੰਗ ਨਾਲ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਗਿਆ ਹੈ। ਮਾਨ ਨੇ ਕਿਹਾ ਕਿ ਇਹ ਲੜਾਈ ਸਿਰਫ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਬਲਕਿ ਸੰਵਿਧਾਨ ਨੂੰ ਬਚਾਉਣ ਲਈ ਵੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੱਕ ਹੈ ਕਿ ਉਹ ਟਰੈਕਟਰ ਮਾਰਚ ਕੱਢਣ, ਜਿਸ ਨੂੰ ਲੈ ਕੇ ਸਰਕਾਰ ਕੋਸ਼ਿਸ਼ ਕਰ ਰਹੀ ਹੈ।
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਅੰਦੋਲਨ ਦਾ ਅੱਜ 56ਵਾਂ ਦਿਨ ਹੈ। ਕੜਕਦੀ ਠੰਡ ਦੇ ਬਾਵਜੂਦ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਇਸੇ ਵਿਚਾਲੇ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਗੱਲਬਾਤ 20 ਜਨਵਰੀ ਯਾਨੀ ਕਿ ਅੱਜ ਹੋਵੇਗੀ। ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢਣ ਦਾ ਫੈਸਲਾ ਲਿਆ ਹੈ, ਜਦਕਿ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਦਿੱਲੀ ਵਿੱਚ 26 ਜਨਵਰੀ ਨੂੰ ਆਪਣੀ ਟਰੈਕਟਰ ਰੈਲੀ ਨਾ ਕਰਨ। ਉੱਥੇ ਦੂਜੇ ਪਾਸੇ ਸੁਪਰੀਮ ਕੋਰਟ ਬੁੱਧਵਾਰ ਨੂੰ ਕਿਸਾਨਾਂ ਦੀ 26 ਜਨਵਰੀ ਨੂੰ ਪ੍ਰਸਤਾਵਿਤ ਟਰੈਕਟਰ ਰੈਲੀ ਦੇ ਮਾਮਲੇ ਦੀ ਸੁਣਵਾਈ ਕਰੇਗੀ । ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰੈਲੀ ਰੋਕਣ ਸਬੰਧੀ ਦਿੱਲੀ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ।