ਪੰਜਾਬ ਵਿੱਚ ਝੋਨੇ ਦੇ ਸੀਜਨ ਅਤੇ ਕੜਾਕੇ ਦੀ ਪੈ ਰਹੀ ਗਰਮੀ ਦੌਰਾਨ ਲੱਗ ਰਹੇ ਬਿਜਲੀ ਕੱਟਾਂ ਕਰਕੇ ਜਿਥੇ ਕਿਸਾਨ ਤੇ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ, ਉਥੇ ਹੀ ਇਸ ਮੁੱਦੇ ‘ਤੇ ਸਿਆਸਤ ਵੀ ਗਰਮਾ ਗਈ ਹੈ। ਵਿਰੋਧੀ ਧਿਰਾਂ ਵੱਲੋਂ ਕੈਪਟਨ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।
ਹੁਣ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਲੋਕਾਂ ਅਤੇ ਕਿਸਾਨਾਂ ਦੀ ਆਵਾਜ਼ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਪਹੁੰਚਾਉਣ ਲਈ 3 ਜੁਲਾਈ ਨੂੰ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨਗੇ, ਜਿਸ ਦੀ ਅਗਵਾਈ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਨਗੇ।
ਇਹ ਐਲਾਨ ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਜਿੱਥੇ ਖੇਤੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਉਥੇ ਅੱਤ ਦੀ ਗਰਮੀ ‘ਚ ਬਿਨਾਂ ਬਿਜਲੀ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਔਖਾ ਹੋਇਆ ਪਿਆ ਹੈ।
ਇਹ ਵੀ ਪੜ੍ਹੋ : ਮਜੀਠੀਆ ਨੇ ਸੂਬੇ ‘ਚ ਬਿਜਲੀ ਸੰਕਟ ਲਈ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ, ਕਿਸਾਨਾਂ ਲਈ ਮੰਗਿਆ ਤੁਰੰਤ ਵਿੱਤੀ ਪੈਕੇਜ
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਵੀ ਬਿਜਲੀ ਦੀ ਕਿੱਲਤ ਨੂੰ ਲੈ ਕੇ ਕੈਪਟਨ ਸਰਕਾਰ ‘ਤੇ ਨਿਸ਼ਾਨੇ ਵਿੰਨ੍ਹੇ ਅਤੇ ਕਿਸਾਨਾਂ ਲਈ ਵਿੱਤੀ ਪੈਕੇਜ ਤੇ ਮੁਆਵਜ਼ੇ ਦੀ ਮੰਗ ਕੀਤੀ, ਜੋਕਿ ਬਿਜਲੀ ਕੱਟਾਂ ਕਰਕੇ ਮਹਿੰਗੇ ਡੀਜ਼ਲ ਜਨਰੇਟਰਾਂ ਨਾਲ ਆਪਣਾ ਕੰਮ ਸਾਰ ਰਹੇ ਹਨ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਜੇ ਸਰਕਾਰ ਨੇ ਸੁਧਾਰਵਾਦੀ ਕਦਮ ਨਾ ਚੁੱਕੇ ਤਾਂ ਅਕਾਲੀ ਦਲ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਘਿਰਾਓ ਕਰੇਗਾ।