Action taken against shopkeepers : ਚੰਡੀਗੜ੍ਹ: ਕੋਵਿਡ -19 ਕਾਰਨ ਪੈਦਾ ਹੋਏ ਹਾਲਾਤਾਂ ਦੌਰਾਨ ਰਾਜ ਦੇ ਲੋਕਾਂ ਨੂੰ ਵੱਧ ਕੀਮਤ ਵਸੂਲੇ ਜਾਣ ਤੋਂ ਬਚਾਉਣ ਦੇ ਉਦੇਸ਼ ਨਾਲ ਸੂਬੇ ਭਰ ਵਿੱਚ 78 ਕਾਰੋਬਾਰੀ ਦੁਕਾਨਾਂ ਉੱਤੇ ਛਾਪੇ ਮਾਰੇ ਗਏ, ਜਿਨ੍ਹਾਂ ਵਿੱਚੋਂ 9 ਕਾਰੋਬਾਰੀ ਸੰਸਥਾਵਾਂ ਵਧੇਰੇ ਕੀਮਤਾਂ ਵਸੂਲ ਰਹੀਆਂ ਸਨ ਜਿਨ੍ਹਾਂ ਨੂੰ 30000 ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਨੂੰ ਲੋੜੀਂਦੀਆਂ ਵਸਤਾਂ ਦੇ ਵਾਧੂ ਚਾਰਜਿੰਗ ਦੀਆਂ ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ‘ਤੇ ਕਾਰਵਾਈ ਕੀਤੀ ਗਈ ਅਤੇ ਸੂਬੇ ਭਰ ਦੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 9 ਦੁਕਾਨਦਾਰਾਂ ਨੂੰ ਮੈਟਰੋਲੋਜੀ ਐਕਟ 2009 ਦੇ ਤਹਿਤ ਓਵਰਚਾਰਜਿੰਗ ਕਰਨ ‘ਤੇ ਜੁਰਮਾਨਾ ਲਗਾਇਆ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਅਨੁਸਾਰ ਵਿਭਾਗ ਨੇ ਰਾਜ ਵਿੱਚ ਜ਼ਰੂਰੀ ਵਸਤਾਂ ਦੀ ਐਮਆਰਪੀ ਦਰ ਜਾਂ ਉਸ ਤੋਂ ਘੱਟ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਰਾਹੀਂ ਮੁਨਾਫਾਖੋਰੀ ਨੂੰ ਰੋਕਣ ਲਈ ਛਾਪੇਮਾਰੀ ਦੀ ਕਾਰਵਾਈ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਅਤੇ ਜੇਕਰ ਕੋਈ ਵੱਧ ਕੀਮਤ ਵਸੂਲਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।