ਪੰਜਾਬ ਵਿੱਚ ਅਪਰਾਧਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਰਕੇ ਮਾਨ ਸਰਕਾਰ ‘ਤੇ ਸਵਾਲ ਉਠਾਏ ਜਾ ਰਹੇ ਹਨ। ਪਹਿਲਾਂ ਹਿੰਦੂ ਨੇਤਾ ਸੁਧੀਰ ਸੂਰੀ ਦਾ ਸ਼ਰੇਆਮ ਕਤਲ ਕੀਤਾ ਗਿਆ। ਅੱਜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵੱਧ ਰਹੇ ਅਪਰਾਧਾਂ ਨੂੰ ਲੈ ਕੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕੀਤੀ ਹੈ।
ਕੋਟਕਪੂਰਾ ‘ਚ ਡੇਰਾ ਸਿਰਸਾ ਦੇ ਪੈਰੋਕਾਰ ਪ੍ਰਦੀਪ ਕੁਮਾਰ ਦੇ ਕਤਲ ਤੋਂ ਕੁਝ ਘੰਟੇ ਮਗਰੋਂ ਸਾਬਕਾ ਮੁੱਖ ਮੰਤਰੀ ਨੇ ਕਿਹਾ, ‘ਪੰਜਾਬ ਵਿੱਚ ਰੋਜ਼ਾਨਾ ਕਤਲ, ਦਿਨ-ਦਿਹਾੜੇ ਗੋਲੀਬਾਰੀਆਂ ਹੋ ਰਹੀਆਂ ਹਨ। ਮੁੱਖ ਮਤਰੀ ਦੀ ਅਗਵਾਈ ਵਾਲੀ ਸਰਕਾਰ ਇਸ ਸਭ ਨੂੰ ਰੋਕਣ ਲਈ ਕੁਝ ਨਹੀਂ ਕਰ ਸਕੀ।
ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਜ਼ੋਰਦਾਰ ਤਾਕੀਦ ਕਰਦਾ ਹਾਂ ਕਿ ਅਸੀਂ 80 ਦੇ ਦਹਾਕੇ ਦੇ ਕਾਲੇ ਦੌਰ ਵੱਲ ਵਧਣ ਤੋਂ ਪਹਿਲਾਂ ਰਾਜ ਦੀ ਕਾਨੂੰਨ ਅਤੇ ਵਿਵਸਥਾ ‘ਤੇ ਧਿਆਨ ਦੇਣਾ ਸ਼ੁਰੂ ਕਰ ਦੇਈਏ।
ਦੱਸ ਦੇਈਏ ਕਿ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਅੱਜ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਉਸ ਵੇਲੇ ਗੋਲੀ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ, ਜਦੋਂ ਉਹ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਜਿਸ ਨਾਲ ਪ੍ਰਦੀਪ ਦੀ ਮੌਤ ਹੋ ਗਈ।
ਇਸ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਵੱਲੋਂ ਲਈ ਜਾ ਰਹੀ ਹੈ, ਜਿਸ ਦੇ ਚੱਲਦੇ ਗੋਲਡੀ ਬਰਾੜ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਪੋਸਟ ਵੀ ਸ਼ੇਅਰ ਕੀਤੀ ਹੈ। ਇਸ ਤੋਂ ਪਹਿਲਾਂ ਸੁਧੀਰ ਸੂਰੀ ਦਾ ਦਿਨ-ਦਿਹਾੜੇ ਪੁਲਿਸ ਸਕਿਓਰਿਟੀ ਦੇ ਵਿਚਾਲੇ ਉਸ ਵੇਲੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਧਰਨੇ ‘ਤੇ ਬੈਠੇ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -: